ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਫੈ਼ਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈ਼ਸਲਾ ਬਹੁਤ ਹੀ ਸ਼ਲਾਘਾਯੋਗ ਹੈ। ਗੁਪਤਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਫੈ਼ਸਲਾ ਬਦਲ ਕੇ ਕਿਸਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰ ਦਿੱਤਾ ਹੈ, ਜੋ ਪਿਛਲੇ ਇੱਕ ਸਾਲ ਤੋਂ ਲਗਾਤਾਰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਗੁਪਤਾ ਨੇ ਕਿਹਾ ਕਿ ਪ੍ਰਕਾਸ਼ ਉਤਸਵ ਮੌਕੇ ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦਿਆਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਆਪਣੇ ਵਿਸ਼ੇਸ਼ ਸਨੇਹ ਦੀ ਮਿਸਾਲ ਦਿੱਤੀ ਹੈ।