ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ
Prime Minister Narendra Modi announces financial assistance of Rs 1,600 crore for flood-hit Punjab.
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪੁੱਜੇ ਜਿੱਥੇ ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਨੇ ਇੱਥੇ ਐਨਡੀਆਰਐਫ ਟੀਮ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸ੍ਰੀ ਮੋਦੀ ਨੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਕਿਸਾਨਾਂ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਸਾਲ 2023 ਦਾ ਵੀ ਮੁਆਵਜ਼ਾ ਨਹੀਂ ਮਿਲਿਆ ਹੈ। ਇਸ ਮੌਕੇ ਕੇਂਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੁਨੀਲ ਜਾਖੜ ਵੀ ਮੌਜੂਦ ਸਨ।
ਪੰਜਾਬ ਵਿਚ ਸਾਲ 1988 ਤੋਂ ਬਾਅਦ ਹੁਣ ਹੜ੍ਹਾਂ ਨਾਲ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਦਿਨ ਦੇ ਦੌਰੇ ’ਤੇ ਆਏ ਹਨ। ਸ੍ਰੀ ਮੋਦੀ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਮੋਦੀ ਹਿਮਾਚਲ ਪ੍ਰਦੇਸ਼ ਦੀ ਆਪਣੀ ਫੇਰੀ ਤੋਂ ਬਾਅਦ ਪੰਜਾਬ ਆਏ ਸਨ।
ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋਣ ਵੇਲੇ ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਲਿਖਿਆ, ‘ਭਾਰਤ ਸਰਕਾਰ ਇਸ ਦੁਖਦਾਈ ਘੜੀ ਵਿੱਚ ਪੀੜਤਾਂ ਨਾਲ ਡਟ ਕੇ ਖੜ੍ਹੀ ਹੈ।’ ਜ਼ਿਕਰਯੋਗ ਹੈ ਕਿ ਪੰਜਾਬ ਇਸ ਵੇਲੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਹ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਵਿਚ ਪਾਣੀ ਵਧਣ ਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਆਏ ਹਨ। ਪੀਟੀਆਈ