ਮੋਦੀ ਨੇ ਹੜ੍ਹ ਰਹੇ ਪੰਜਾਬ ਨੂੰ ਅਣਡਿੱਠਾ ਕੀਤਾ: ਚੀਮਾ
ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹੇ ਹੜ੍ਹਾਂ ਦਾ ਮਾਰ ਝੱਲ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਕੋਈ ਮਦਦ ਨਹੀਂ ਕੀਤੀ ਜਾ ਰਹੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਸ੍ਰੀ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅਣਦੇਖਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 1962, 1965, 1971 ਅਤੇ ਹਾਲ ਹੀ ਵਿੱਚ 2025 ਵਿੱਚ ਹੋਈਆਂ ਜੰਗਾਂ ਦੌਰਾਨ ਪੰਜਾਬੀਆਂ ਨੇ ਬਹਾਦਰੀ ਨਾਲ ਦੇਸ਼ ਦੀ ਰੱਖਿਆ ਕੀਤੀ ਹੈ, ਪਰ ਹੁਣ ਦੁੱਖ ਦੀ ਘੜੀ ਵਿੱਚ ਕੇਂਦਰ ਸਰਕਾਰ ਅੱਖਾਂ ਮੀਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੀਬ ਪਿਛਲੇ ਚਾਰ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਆਏ ਹਨ, ਜਿਸ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਜਲੰਧਰ ਵਿੱਚ ਤਬਾਹੀ ਮਚਾਈ ਹੈ। ਇਸ ਦੇ ਬਾਵਜੂਦ ਹਾਲੇ ਤੱਕ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹਿੱਤ ਵਿੱਚ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ’ਤੇ ਗੱਲ ਜ਼ਰੂਰ ਕੀਤੀ ਗਈ ਹੈ, ਪਰ ਇਸ ਦੌਰਾਨ ਉਨ੍ਹਾਂ ਸੂਬੇ ਦਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਬਾਰੇ ਜਾਂ ਕੋਈ ਵਿਸ਼ੇਸ਼ ਰਾਹਤ ਪੈਕੇਜ ਦੇਣ ਦੀ ਕੋਈ ਗੱਲ ਨਹੀਂ ਕੀਤੀ। ਸ੍ਰੀ ਚੀਮਾ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਹਾਲਾਤ ’ਚ ਭਾਜਪਾ ਅਤੇ ਕੇਂਦਰ ਸਰਕਾਰ ਦੇ ਆਗੂ ਸੂਬੇ ਦੇ ਲੋਕਾਂ ਦੀ ਮਦਦ ਕਰਨ ਦੀ ਥਾਂ ਸਿਆਸੀ ਰੈਲੀਆਂ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ’ਤੇ ਸਿਆਸੀ ਰੈਲੀਆਂ ਕਰਨ ਦੇ ਦੋਸ਼ ਲਾਏ।