ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਧਾਨ ਮੰਤਰੀ ਨੇ ਆਪਣੇ ਭਾਜਪਾਈ ਮੁੱਖ ਮੰਤਰੀਆਂ, ਮੰਤਰੀਆਂ ਅਤੇ ਵਰਕਰਾਂ ’ਤੇ ਨਕੇਲ ਨਾ ਕੱਸੀ ਤਾਂ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਵਿੱਚ ਭਾਜਪਾ ਆਗੂਆਂ ਦਾ ਘਰੋਂ ਨਿਕਲਣਾ ਬੰਦ ਕਰ ਦੇਣਗੀਆਂ ਅਤੇ ਚੋਣਾਂ ਵਾਲੇ ਸੂਬਿਆਂ ਵਿੱਚ ਭਾਜਪਾ ਨੂੰ ਹਰਾਉਣ ਲਈ ਪ੍ਰਚਾਰ ਕੀਤਾ ਜਾਵੇਗਾ। ਅੱਜ ਮੁੱਖ ਦਫ਼ਤਰ ਲੁਧਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਸੂਬਾਈ ਮੀਟਿੰਗ ਦੌਰਾਨ ਇਕ ਮਤਾ ਪਾਸ ਕਰਦਿਆਂ ਕਿਹਾ ਕਿ ਗਾਜ਼ੀਪੁਰ ਹੱਦ ’ਤੇ ਬੀਤੇ ਦਿਨ ਭਾਜਪਾਈਆਂ ਵੱਲੋਂ ਕਿਸਾਨ ਅੰਦੋਲਨਕਾਰੀਆਂ ਉੱਤੇ ਕੀਤੇ ਗਏ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ।