ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜਨਵਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਬੇਅਦਬੀ ਦੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ ਲਈ ਕੁਝ ਠੋਸ ਕਦਮ ਚੁੱਕਣ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਿਆਸੀ, ਧਾਰਮਿਕ ਤੇ ਆਰਥਿਕ ਮਸਲਿਆਂ ਨੂੰ ਹੱਲ ਕਰ ਕੇ ਸਹੀ ਮਾਹੌਲ ਸਿਰਜਣ। ਸ੍ਰੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਵੱਡਾ ਪੈਕੇਜ ਐਲਾਨੇ ਜਾਣ ਨਾਲ ਪੰਜਾਬ ਦੌਰੇ ਨੂੰ ਭਰੋਸੇਯੋਗਤਾ ਤੇ ਮਾਣ ਮਿਲ ਸਕਦਾ ਹੈ।
ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦਾ ਧਿਆਨ 1984 ਦੇ ਸਿੱਖ ਕਤਲੇਆਮ ਦੇ ਹਜ਼ਾਰਾਂ ਪੀੜਤ ਸਿੱਖ ਪਰਿਵਾਰਾਂ ਵੱਲ ਦਿਵਾਇਆ ਜੋ ਇਨਸਾਫ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਜ਼ਖ਼ਮਾਂ ’ਤੇ ਮੱਲ੍ਹਮ ਲਾਵੇਗਾ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਤਰਾਸਦੀ ਵਾਲੇ ਸੰਕਟ ਵਿੱਚੋਂ ਕੱਢਣ ਲਈ ਖੇਤੀਬਾੜੀ ਆਰਥਿਕ ਪੈਕੇਜ ਦੀ ਮੰਗ ਵੀ ਕੀਤੀ ਕਿਉਂਕਿ ਇਸ ਸੰਕਟ ਨਾਲ ਕਿਸਾਨ ਕਰਜ਼ਈ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਚੋਣਾਂ ਨੇੜੇ ਹੋਣ ਕਾਰਨ ਵਾਜਬ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਭਰਮਾਉਣ ਦੀ ਥਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕਰਨ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਉਹ ਚੰਡੀਗੜ੍ਹ ਤੇ ਹੋਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ ਸਿਧਾਂਤ ਮੁਤਾਬਕ ਦਰਿਆਈ ਪਾਣੀਆਂ ਦਾ ਨਬਿੇੜਾ ਕਰਨ ਸਮੇਤ ਹੋਰ ਪ੍ਰਮੁੱਖ ਮੰਗਾਂ ਦਾ ਪੰਜਾਬੀਆਂ ਦੀ ਆਸ ਮੁਤਾਬਕ ਨਬਿੇੜਾ ਕਰਨ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਦਾ ਧਿਆਨ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 800 ਕਿਸਾਨਾਂ ਦੀ ਸ਼ਹਾਦਤ ਹੋਣ ਵੱਲ ਵੀ ਦਿਵਾਇਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰ ਕੇ ਇਨ੍ਹਾਂ ਦੀ ਸ਼ਨਾਖ਼ਤ ਨੂੰ ਮਾਨਤਾ ਦੇਵੇ।
ਸੁਖਬੀਰ ਬਾਦਲ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ
ਲੰਬੀ (ਇਕਬਾਲ ਸਿੰਘ ਸ਼ਾਂਤ): ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੱਲੇਦਾਰ ਯੂਨੀਅਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਮਜ਼੍ਹਬੀ ਸਿੱਖ ਭਲਾਈ ਫਰੰਟ ਦੇ ਮੈਂਬਰ ਅਤੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ। ਸ੍ਰੀ ਬਾਦਲ ਨੇ ਕਿਹਾ ਕਿ ਝੂਠੇ ਵਾਅਦਿਆਂ ਵਾਲੀ ਚੰਨੀ ਸਰਕਾਰ ਦਾ ਸਿਰਫ ਇੱਕ ਹਫਤਾ ਹੀ ਰਹਿ ਗਿਆ ਹੈ। ਇਸ ਆਖ਼ਰੀ ਹਫ਼ਤੇ ਮੁਲਾਜ਼ਮ ਸਰਕਾਰ ਦੀਆਂ ਡਾਂਗਾਂ ਨਾ ਝੱਲਣ ਅਤੇ ਆਉਣ ਵਾਲੀਆਂ ਚੋਣਾਂ ’ਚ ਅਕਾਲੀ-ਬਸਪਾ ਗਠਜੋੜ ਦੇ ਹੱਕ ’ਚ ਭੁਗਤਣ। ਸ੍ਰੀ ਬਾਦਲ ਨੇ 2004 ਦੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ 100 ਸਾਲਾ ਸਮਾਗਮ ਦੀ ਸਟੇਜ ਤੋਂ ਕੀਤੇ ਆਪਣੇ ਐਲਾਨ ਨੂੰ ਦੁਹਰਾਇਆ ਅਤੇ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ਤੋਂ ਬਾਅਦ ਤਨਖਾਹ ਕਮਿਸ਼ਨ ਦੀਆਂ ਗੜਬੜੀਆਂ ਨੂੰ ਰੋਕਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਕਾਂਗਰਸ ਦੇ ਕਾਰਜਕਾਲ ਵਿਚ ਰੇਤ ਮਾਫੀਆ ਦਾ ਰਾਜ ਰਿਹਾ: ਹਰਸਿਮਰਤ
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਉਮੀਦਵਾਰ ਸੁਨੀਤਾ ਚੌਧਰੀ ਦੇ ਹੱਕ ’ਚ ਕੀਤੀ ਰੈਲੀ ’ਚ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਹੁੰਆਂ ਖਾਣ ਦੇ ਬਾਵਜੂਦ ਨਾ ਤਾਂ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕੀਤੇ ਅਤੇ ਨਾ ਹੀ ਨਸ਼ੇ ਖਤਮ ਕੀਤੇ, ਸਗੋਂ ਕਾਂਗਰਸ ਦੇ ਕਾਰਜਕਾਲ ਵਿੱਚ ਸ਼ਰਾਬ ਅਤੇ ਰੇਤ ਮਾਫੀਆ ਦਾ ਰਾਜ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ’ਤੇ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਹਰ ਪਰਿਵਾਰ ਦੀ 400 ਯੂਨਿਟ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਬੀਮਾ ਕੀਤਾ ਜਾਵੇਗਾ।