ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 19 ਨਵੰਬਰ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰਪੁਰਬ ਦੇ ਸ਼ੁਭ ਮੌਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਹੈ।
ਸ਼ਰਮਾ ਨੇ ਕਿਹਾ ਕਿ ਪੰਜਾਬ ਭਾਜਪਾ ਦਾ ਉੱਚ ਪੱਧਰੀ ਵਫ਼ਦ 15 ਨਵੰਬਰ ਨੂੰ ਪ੍ਰਧਾਨ ਮੰਤਰੀ ਨੂੰ ਮਿਲਿਆ ਸੀ ਤੇ ਉਨ੍ਹਾਂ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਸੀ। ਸ਼ਰਮਾ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਸ੍ਰੀ ਮੋਦੀ ਨੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਆਪਣਾ ਵਿਸ਼ੇਸ਼ ਪਿਆਰ ਸਾਬਤ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਇਸ ਵਾਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਨਵੇਂ ਰਿਕਾਰਡ ਕਾਇਮ ਕਰੇਗੀ।
ਕਿਸਾਨ ਧਰਨਾ ਖ਼ਤਮ ਕਰ ਕੇ ਘਰਾਂ ਨੂੰ ਜਾਣ: ਵਿੱਜ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਕਾਨੂੰਨ ਵਾਪਸ ਲੈਣ ਦੇ ਬਿਆਨ ਤੋਂ ਬਾਅਦ ਅੰਬਾਲਾ ਛਾਉਣੀ ਵਿਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਵੱਲੋਂ ਤਿੰਨੇ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਸਮੂਹ ਕਿਸਾਨਾਂ ਵੱਲੋਂ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣਾ ਧਰਨਾ ਖ਼ਤਮ ਕਰ ਕੇ ਘਰਾਂ ਨੂੰ ਵਾਪਸ ਜਾ ਕੇ ਰੋਜ਼ਾਨਾਂ ਦੇ ਕੰਮਾਂ ਵਿਚ ਲੱਗ ਜਾਣਾ ਚਾਹੀਦਾ ਹੈ।