ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਫਿਰੋਜ਼ਪੁਰ ਵਿੱਚ ਭਾਜਪਾ ਵੱਲੋਂ ਕਰਵਾਈ ਜਾ ਰਹੀ ਰੈਲੀ ਨੂੰ ਪੰਜਾਬ ਸਰਕਾਰ ਵੱਲੋਂ ਤਾਰਪੀਡੋ ਕੀਤਾ ਜਾਣਾ ਬੇਹੱਦ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਵੀ ਬਣਦੀ ਹੈ ਤੇ ਇਸ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸੂਬਾ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਵਿਹਾਰ ਕੀਤਾ ਜਾਣਾ ਬੇਹੱਦ ਮੰਦਭਾਗਾ ਹੈ।