ਦਰਸ਼ਨ ਸਿੰਘ ਸੋਢੀ
ਮੁਹਾਲੀ, 4 ਅਗਸਤ
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਉਨ੍ਹਾਂ ਦੇ ਫਾਰਮ ਹਾਊਸ ਵੱਲ ਜਾਂਦੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਾਥੀ ਵਿਧਾਇਕਾਂ ਅਤੇ ਹੋਰ ਆਗੂਆਂ ਨੂੰ ਮੁਹਾਲੀ ਪੁਲੀਸ ਨੇ ਮੁੱਲਾਂਪੁਰ ਗਰੀਬਦਾਸ ਬੈਰੀਅਰ ਤੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ। ਭਗਵੰਤ ਮਾਨ ਅਤੇ ਸਾਥੀ 11 ਵਿਧਾਇਕ ਅਤੇ ਹੋਰ ਪਾਰਟੀ ਆਗੂ ਅਤੇ ਸਰਗਰਮ ਵਾਲੰਟੀਅਰ ਅੱਜ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਵੱਲ ਕੂਚ ਕਰ ਰਹੇ ਸਨ ਕਿ ਡੀਐੱਸਪੀ ਅਮਰੋਜ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਮੁੱਲਾਂਪੁਰ ਗਰੀਬਦਾਸ ਬੈਰੀਅਰ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ। ਇਸ ਕਾਰਨ ਭਗਵੰਤ ਮਾਨ ਅਤੇ ਬਾਕੀ ਵਿਧਾਇਕ ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰੀਸ਼ ਕੌਸ਼ਲ, ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਅਤੇ ਹੋਰ ਉੱਥੇ ਹੀ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ ਅਤੇ ਕੈਪਟਨ ਸਾਹਿਬ ਬਾਹਰ ਆਓ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਬਾਅਦ ਵਿੱਚ ਪੁਲੀਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸਾਰਿਆਂ ਨੂੰ ਬੱਸ ਵਿੱਚ ਬਿਠਾ ਕੇ ਗਈ।