ਪੁਲੀਸ ਨੇ ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ ਮੁਹਿੰਮ ਚਲਾਈ
ਐੱਸ ਐੱਸ ਪੀ ਤੇ ਪੁਲੀਸ ਕਮਿਸ਼ਨਰਾਂ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਚੈਕਿੰਗ ਕੀਤੀ
ਦਿੱਲੀ ਵਿੱਚ ਲਾਲ ਕਿਲ੍ਹੇ ਨਜ਼ਦੀਕ ਧਮਾਕੇ ਤੋਂ ਬਾਅਦ ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਹੋਰ ਸੂਬਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਇਸ ਕਾਰਨ ਪੰਜਾਬ ਪੁਲੀਸ ਨੇ ਲੰਘੀ ਰਾਤ ਤੋਂ ਹੀ ਸੂਬੇ ਵਿੱਚ ਚੌਕਸੀ ਵਧਾ ਦਿੱਤੀ ਹੈ। ਅੱਜ ਪੰਜਾਬ ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਵੱਖ-ਵੱਖ ਐੱਸ ਐੱਸ ਪੀਜ਼ ਤੇ ਪੁਲੀਸ ਕਮਿਸ਼ਨਰਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਮੁਲਾਜ਼ਮਾਂ ਨੇ ਡਾਗ ਸਕੁਐਡ ਅਤੇ ਬੰਬ ਨਕਾਰਾ ਕਰਨ ਵਾਲੇ ਦਸਤਿਆਂ ਦੀਆਂ ਟੀਮਾਂ ਸਣੇ ਚੈਕਿੰਗ ਕੀਤੀ। ਪੁਲੀਸ ਨੇ ਰੇਲਵੇ ਸਟੇਸ਼ਨ ਨੂੰ ਚਾਰੋਂ ਪਾਸਿਓਂ ਘੇਰ ਕੇ ਲੋਕਾਂ ਦੇ ਸਾਮਾਨ ਦੀ ਤਲਾਸ਼ੀ ਲਈ ਤੇ ਮਸ਼ਕੂਕਾਂ ਦੇ ਸ਼ਨਾਖ਼ਤੀ ਕਾਰਡ ਦੇਖੇ।
ਇਸ ਤੋਂ ਇਲਾਵਾ ਪੰਜਾਬ ਪੁਲੀਸ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਵੀ ਕੀਤੀ ਹੈ। ਸੂਬੇ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਹੋਰ ਭੀੜ ਵਾਲੀਆਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸੂਬੇ ਵਿੱਚ ਦਾਖ਼ਲ ਹੋਣ ਵਾਲੀਆਂ ਮੁੱਖ ਸੜਕਾਂ ’ਤੇ ਨਾਕਾਬੰਦੀ ਕਰ ਕੇ ਹਰ ਵਿਅਕਤੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਮਸ਼ਕੂਕਾਂ ਦੀਆਂ ਗੱਡੀਆਂ ਰੋਕ ਕੇ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਆਲੇ-ਦੁਆਲੇ ਕੋਈ ਮਸ਼ਕੂਕ ਜਾਂ ਵਸਤੂ ਦਿਖਾਈ ਦੇਵੇ ਤਾਂ ਉਸ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।
ਹਰਿਆਣਾ ਪੁਲੀਸ ਵੱਲੋਂ ਦਿੱਲੀ ਨਾਲ ਲੱਗਦੇ ਜ਼ਿਲ੍ਹਿਆਂ ’ਚ ਸਖ਼ਤੀ
ਹਰਿਆਣਾ ਪੁਲੀਸ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਕੇ ਸਖ਼ਤੀ ਕਰ ਦਿੱਤੀ ਸੀ। ਇਸ ਦੌਰਾਨ ਪੁਲੀਸ ਨੇ ਸਾਰੀ ਰਾਤ ਸ਼ਹਿਰਾਂ ਦੀਆਂ ਵੱਖ-ਵੱਖ ਸੜਕਾਂ ’ਤੇ ਨਾਕਾਬੰਦੀ ਕਰ ਕੇ ਲੋਕਾਂ ਦੇ ਵਾਹਨਾਂ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਅੱਜ ਹਰਿਆਣਾ ਪੁਲੀਸ ਨੇ ਦਿੱਲੀ ਦੇ ਨਾਲ ਲੱਗਦੇ ਬਹਾਦਰਗੜ੍ਹ, ਫਰੀਦਾਬਾਦ, ਗੁਰੂਗ੍ਰਾਮ ਅਤੇ ਹੋਰ ਸ਼ਹਿਰਾਂ ਵਿੱਚ ਸਾਰਾ ਦਿਨ ਸਖ਼ਤੀ ਵਰਤੀ ਹੈ। ਇਸ ਦੌਰਾਨ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਚੈਕਿੰਗ ਵੀ ਕੀਤੀ।

