ਪੁਲੀਸ ਨੇ ਦੀਵਾਲੀ ਮੌਕੇ ਸੂਬੇ ਭਰ ਵਿੱਚ ਚੌਕਸੀ ਵਧਾਈ
ਪੰਜਾਬ ਭਰ ਦੇ ਲੋਕਾਂ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਵੱਡੀ ਗਿਣਤੀ ਵਿੱਚ ਲੋਕ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਦੇ ਦੇਖੇ ਗਏ। ਇਸ ਦੌਰਾਨ ਪੰਜਾਬ ਪੁਲੀਸ ਨੇ ਸੂਬੇ ਵਿੱਚ ਚੌਕਸੀ ਵਧਾ ਦਿੱਤੀ ਹੈ, ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੌਕਸੀ ਵਰਤੀ ਜਾ ਰਹੀ ਹੈ। ਪੁਲੀਸ ਨੇ ਸਾਰੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਸਾਰੇ ਸ਼ਹਿਰਾਂ ਵਿੱਚ 24 ਘੰਟੇ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਤਿਉਹਾਰਾਂ ਦੌਰਾਨ ਮਾਹੌਲ ਖਰਾਬ ਨਾ ਕਰੇ।
ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਲੈ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਐੱਸ ਐੱਸ ਪੀ, ਐੱਸ ਪੀ ਅਤੇ ਡੀ ਐੱਸ ਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਇਲਾਕਿਆਂ ਵਿੱਚ ਗਸ਼ਤ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸ਼ਹਿਰਾਂ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲੀਸ ਵੱਲੋਂ ਸੂਬੇ ਦੇ ਸਾਰੇ ਥਾਣਿਆਂ ਦੇ ਐੱਸ ਐੱਚ ਓਜ਼ ਨੂੰ ਵੀ ਆਪੋ-ਆਪਣੇ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਯਕੀਨੀ ਤੌਰ ’ਤੇ ਬਹਾਲੀ ਲਈ ਸਖਤੀ ਨਾਲ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸੂਬੇ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿੱਚ ਸਖਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀ ਜੀ ਪੀ, ਏ ਡੀ ਜੀ ਪੀ ਪੱਧਰ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਪੁਲੀਸ ਕਮਿਸ਼ਨਰ ਅਤੇ ਐੱਸ ਐੱਸ ਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦੀ ਅਗਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।