ਗੈਂਗਸਟਰਾਂ ਦੀ ਪੈੜ ਨੱਪਣ ਲਈ ਪੁਲੀਸ ਵੱਲੋਂ ਹੈਲਪਲਾਈਨ ਨੰਬਰ ਜਾਰੀ
ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸੂਬੇ ਦੇ ਲੋਕਾਂ ਨੂੰ ਡਰਾਉਣ, ਧਮਕਾਉਣ ਅਤੇ ਫਿਰੌਤੀ ਮੰਗਣ ਵਾਲਿਆਂ ਦੀ ਪੈੜ ਨੱਪਣ ਲਈ...
ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸੂਬੇ ਦੇ ਲੋਕਾਂ ਨੂੰ ਡਰਾਉਣ, ਧਮਕਾਉਣ ਅਤੇ ਫਿਰੌਤੀ ਮੰਗਣ ਵਾਲਿਆਂ ਦੀ ਪੈੜ ਨੱਪਣ ਲਈ ਹੈਲਪਲਾਈਨ ਨੰਬਰ 1800-330-1100 ਜਾਰੀ ਕੀਤਾ ਗਿਆ ਹੈ। ਇਸ ’ਤੇ ਲੋਕ ਅਜਿਹੇ ਅਪਰਾਧਾਂ ਦੀ ਸ਼ਿਕਾਇਤ ਕਰ ਸਕਣਗੇ। ਇਸ ਨੰਬਰ ’ਤੇ ਸ਼ਿਕਾਇਤ ਕਰਨ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਤੋਂ ਬਾਅਦ ਇਸ ਸ਼ਿਕਾਇਤ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠ ਪੁਲੀਸ ਟੀਮ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਹ ਹੈਲਪਲਾਈਨ ਨੰਬਰ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਜਾਰੀ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਹੈਲਪਲਾਈਨ ਨਾਗਰਿਕਾਂ ਵੱਲੋਂ ਪੁਲੀਸ ਦੀ ਮਦਦ ਕਰਨ ਦਾ ਸ਼ਕਤੀਸਾਲੀ ਸਾਧਨ ਹੈ। ਇਸ ਹੈਲਪਲਾਈਨ ’ਤੇ ਪ੍ਰਾਪਤ ਹੋਈਆਂ ਰਿਪੋਰਟਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਹੈਲਪਲਾਈਨ ਦੀ ਨਿਗਰਾਨੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ (ਏ ਡੀ ਜੀ ਪੀ) ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੈਲਪਲਾਈਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ 112 ਹੈਲਪਲਾਈਨ ਦੇ ਸਥਾਪਿਤ ਬੁਨਿਆਦੀ ਢਾਂਚੇ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ ਇਸ ਨੰਬਰ ’ਤੇ ਆਉਣ ਵਾਲੀਆਂ ਕਾਲਾਂ ’ਤੇ ਏ ਜੀ ਟੀ ਐੱਫ ਦੇ ਵਿਸ਼ੇਸ਼ ਅਧਿਕਾਰੀਆਂ ਵੱਲੋਂ ਸਿੱਧੇ ਤੌਰ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਲਈ ਏ ਜੀ ਟੀ ਐੱਫ ਵੱਲੋਂ ਸਬੰਧਤ ਜ਼ਿਲ੍ਹਿਆਂ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ।