ਸਫ਼ਾਈ ਮੁਲਾਜ਼ਮਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ
ਸ਼ਹਿਰ ’ਚ ਲੱਗੇ ਕੂਡ਼ੇ ਦੇ ਢੇਰਾਂ ਕਾਰਨ ਸਫਾੲੀ ਕਾਮੇ ਤੇ ਪ੍ਰਸ਼ਾਸਨ ਆਹਮੋ-ਸਾਹਮਣੇ
ਸਫ਼ਾਈ ਕਾਮਿਆਂ ਦੀ ਲਗਾਤਾਰ ਹੜਤਾਲ ਕਾਰਨ ਸ਼ਹਿਰ ਅੰਦਰ ਲੱਗੇ ਕੂੜੇ/ਗੰਦਗੀ ਦੇ ਢੇਰਾਂ ਨੂੰ ਪ੍ਰਸ਼ਾਸਨ ਵੱਲੋਂ ਬਦਲਵੇਂ ਪ੍ਰਬੰਧਾਂ ਰਾਹੀਂ ਪੁਲੀਸ ਦੀ ਸਹਾਇਤਾ ਨਾਲ ਚੁਕਵਾਉਣ ਸਮੇਂ ਪੁਲੀਸ ਤੇ ਸਫ਼ਾਈ ਕਾਮੇ ਆਹਮੋ-ਸਾਹਮਣੇ ਹੋ ਗਏ। ਤਕਰਾਰਬਾਜ਼ੀ ਵਧਣ ‘ਤੇ ਡੀ ਐੱਸ ਪੀ ਸਤਵੀਰ ਸਿੰਘ ਬੈਂਸ ਸਮੇਤ ਤਾਇਨਾਤ ਪੁਲੀਸ ਫੋਰਸ ਨੇ ਸਫਾਈ ਕਾਮਿਆਂ ’ਤੇ ਲਾਠੀਚਾਰਜ ਕਰ ਦਿੱਤਾ। ਇਸ ਮੌਕੇ ਜਿੱਥੇ ਪੁਲੀਸ ਨੇ ਡੰਡੇ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਅਤੇ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ ਉੱਥੇ ਕਾਮਿਆਂ ਨੇ ਕੂੜੇ ਨੂੰ ਪੁਲੀਸ ਮੁਲਾਜ਼ਮਾਂ ਵੱਲ ਸੁੱਟ ਕੇ ਬਚਾਅ ਦੀ ਕੋਸ਼ਿਸ਼ ਕੀਤੀ। ਕਈ ਮਹਿਲਾ ਮੁਲਾਜ਼ਮਾਂ ਜ਼ਖ਼ਮੀ ਵੀ ਹੋਈਆਂ। ਸ਼ਹਿਰ ਦੇ ਹੰਡਿਆਇਆ ਬਾਜ਼ਾਰ ਵਿੱਚੋਂ ਉਨ੍ਹਾਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ। ਹੜਤਾਲੀ ਸਫ਼ਾਈ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੁਲੀਸ ਦੀ ਇਸ ਕਾਰਵਾਈ ਦੀ ਸ਼ਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲੀਸ ਦੀ ਨਫ਼ਰੀ ਵਧਾ ਦਿੱਤੀ ਗਈ ਹੈ, ਜਦ ਕਿ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਨਗਰ ਨਿਗਮ ਦੇ ਅਧਿਕਾਰੀ ਹਰਪ੍ਰੀਤ ਸਿੰਘ ਤੇ ਡੀ ਐੱਸ ਪੀ ਬੈਂਸ ਨੇ ਕਿਹਾ ਕਿ ਸਫ਼ਾਈ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਦਾ ਮਾਮਲਾ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ ਪਰ ਸ਼ਹਿਰ ਦੀ ਸਫ਼ਾਈ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਯਕੀਨੀ ਬਣਾਉਣ ਹਿੱਤ ਉਪਰਾਲਾ ਕੀਤਾ ਗਿਆ ਹੈ।
ਸਫਾਈ ਕਰਮਚਾਰੀ ਕਮਿਸ਼ਨ ਨੇ ਰਿਪੋਰਟ ਮੰਗੀ
ਚੰਡੀਗੜ੍ਹ (ਟਨਸ): ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐੱਨ ਸੀ ਐੱਸ ਕੇ) ਨੇ ਬਰਨਾਲਾ ਵਿੱਚ ਚੱਲ ਰਹੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀ ਕਰਮਚਾਰੀਆਂ ਵਿਚਾਲੇ ਹੋਏ ਕਥਿਤ ਟਕਰਾਅ ਦਾ ਨੋਟਿਸ ਲਿਆ ਹੈ। ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ ਪੱਤਰ ਲਿਖ ਕੇ ਮਾਮਲੇ ਦੀ ਤੁਰੰਤ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਅਤੇ 7 ਦਿਨਾਂ ਦੇ ਅੰਦਰ ਰਿਪੋਰਟ ਦੇਣ ਦੀ ਮੰਗ ਕੀਤੀ ਹੈ।

