ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿੱਚ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲੀਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਪੁਲੀਸ ਨੂੰ ਕਿਹਾ ਕਿ ਉਹ ਕਿਸੇ ਬਾਹਰੀ ਵਿਅਕਤੀ ਦੇ ਤਾਨਾਸ਼ਾਹੀ ਹੁਕਮਾਂ ਅੱਗੇ ਨਾ ਝੁਕਣ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਨੂੰ ਸੁਚੇਤ ਕਰਦਿਆਂ ਕਿਹਾ, “ਯਾਦ ਰੱਖੋ, ਅਰਵਿੰਦ ਕੇਜਰੀਵਾਲ ਤੁਹਾਡਾ ਮੁੱਖ ਮੰਤਰੀ ਨਹੀਂ ਹੈ ਅਤੇ ਤੁਸੀਂ ਉਸ ਦਾ ਚਿੱਤ ਪਰਚਾਉਣ ਲਈ ਨਹੀਂ ਹੋ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਸਮੇਂ ਪੰਜਾਬ ਪੁਲੀਸ ਨੂੰ ਪਾਕਿਸਤਾਨ ਤੋਂ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਅਤਿਵਾਦ ਦੇ ਖਤਰੇ ਨਾਲ ਨਜਿੱਠਣ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਉਦੋਂ ਉਨ੍ਹਾਂ ਨੂੰ ਦੂਜੇ ਸੂਬਿਆਂ ਵਿੱਚ ਕੇਜਰੀਵਾਲ ਦੇ ਸਿਆਸੀ ਵਿਰੋਧੀਆਂ ਨੂੰ ਠੀਕ ਕਰਨ ਦਾ ਕੰਮ ਸੌਂਪਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਨੂੰ ਆਪਣੀ ਪੁਲੀਸ ਫੋਰਸ ਦੀ ਦੁਰਵਰਤੋਂ ਵਿਰੁੱਧ ਡਟਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਵਿਅਕਤੀ ਦੀ ਹਉਮੈ ਨੂੰ ਸੰਤੁਸ਼ਟ ਕਰਨ ਲਈ ਤਿੰਨ ਰਾਜਾਂ ਦਿੱਲੀ, ਪੰਜਾਬ ਅਤੇ ਹਰਿਆਣਾ ਦੀ ਪੁਲੀਸ ਨੂੰ ਮੰਦਭਾਗੀ ਸਥਿਤੀ ਵਿੱਚ ਪਾ ਦਿੱਤਾ ਗਿਆ ਹੈ।