ਚੰਦਰ ਪ੍ਰਕਾਸ਼ ਕਾਲੜਾ
ਜਲਾਲਾਬਾਦ, 22 ਮਾਰਚ
ਵਿਧਾਇਕ ਰਮਿੰਦਰ ਆਵਲਾ ਦੇ ਦਫ਼ਤਰ ਬਾਹਰ ਛੇ ਦਿਨਾਂ ਤੋਂ ਹਾਈਵੇਅ ’ਤੇ ਚੱਲ ਰਿਹਾ ਪੰਜਾਬ ਪੁਲੀਸ ਸਿਖਲਾਈ ਪ੍ਰਾਪਤ ਬੇਰੁਜ਼ਗਾਰਾਂ ਦਾ ਧਰਨਾ ਅੱਜ ਪੁਲੀਸ ਨੇ ਚੁਕਵਾ ਦਿੱਤਾ। ਇਸ ਸਬੰਧੀ ਜਲਾਲਾਬਾਦ ਦੇ ਡੀਐੱਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 2007 ਤੋਂ ਪੰਜਾਬ ਪੁਲੀਸ ’ਚ ਨੌਕਰੀ ਦੀ ਮੰਗ ਕਰ ਰਹੇ ਸਿਖਲਾਈ ਪ੍ਰਾਪਤ ਬੇਰੁਜ਼ਗਾਰ ਪਿਛਲੇ ਕਈ ਦਿਨਾਂ ਤੋਂ ਵਿਧਾਇਕ ਰਮਿੰਦਰ ਆਵਲਾ ਦੇ ਮੁੱਖ ਦਫ਼ਤਰ ਅੱਗੇ ਮੁੱਖ ਹਾਈਵੇਅ ’ਤੇ ਚੱਕਾ ਜਾਮ ਕਰ ਕੇ ਦਿਨ-ਰਾਤ ਸੰਘਰਸ਼ ਕਰ ਰਹੇ ਸਨ। ਇਸ ਸਬੰਧੀ ਕੁਝ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਹ ਇਸ ਧਰਨੇ ਕਾਰਨ ਪ੍ਰੇਸ਼ਾਨ ਹੋ ਰਹੇ ਹਨ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸੇ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਉੱਥੋਂ ਨੌਜਵਾਨਾਂ ਦਾ ਧਰਨਾ ਚੁਕਵਾ ਦਿੱਤਾ ਅਤੇ ਅੱਗੇ ਤੋਂ ਅਜਿਹਾ ਕਰਨ ’ਤੇ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ।
ਪੰਜਾਬ ਪੁਲੀਸ ਸਿਖਲਾਈ ਪ੍ਰਾਪਤ ਬੇਰੁਜ਼ਗਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ ਅੱਜ ਵਿਧਾਇਕ ਰਮਿੰਦਰ ਆਵਲਾ ਨੇ ਬੀਸੀ ਵਿੰਗ ਦੇ ਚੇਅਰਮੈਨ ਨੂੰ ਭੇਜ ਕੇ 24 ਮਾਰਚ ਨੂੰ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਮੀਟਿੰਗ ਨਾ ਕਰਵਾਈ ਗਈ ਜਾਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਮੁੜ ਸੰਘਰਸ਼ ਵਿੱਢਿਆ ਜਾਵੇਗਾ।