ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੰਬ ਦੀਆਂ ਧਮਕੀਆਂ ਦੇਣ ਵਾਲਿਆਂ ਨੇੜੇ ਪੁੱਜੀ ਪੁਲੀਸ: ਮੁੱਖ ਮੰਤਰੀ

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ; ਧਮਕੀਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਮੰਗਿਆ ਸਹਿਯੋਗ
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲੀਸ ਮੁਲਜ਼ਮਾਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਣਗੇ।

Advertisement

ਉਹ ਅੱਜ ਇੱਥੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਅਤੇ ਉੱਚ ਸੁਰੱਖਿਆ ਨਾਲ ਜੁੜਿਆ ਹੋਇਆ ਹੈ, ਜਿਸ ਲਈ ਉਹ ਇਸ ਸਬੰਧੀ ਵਧੇਰੇ ਖੁਲਾਸੇ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਫਿਲਹਾਲ ਇਨ੍ਹਾਂ ਧਮਕੀਆਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਕਰਮਚਾਰੀ ਸਿਵਲ ਕੱਪੜਿਆਂ ਵਿੱਚ ਇੱਥੇ ਤਾਇਨਾਤ ਹਨ। ਸ਼ਹਿਰ ਵਿੱਚ ਵੀ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੇ ਨਾਲ ਹੀ ਪੁਲੀਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਸ਼ਰਧਾਲੂ ਨੂੰ ਨਾਜਾਇਜ਼ ਤੰਗ ਨਾ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਨਹੀਂ ਦੇ ਸਕਦੀ। ਸੂਬਾ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਦੀ ਸ਼ਨਾਖਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੋਈ ਵੀ ਅਹਿਮ ਜਾਣਕਾਰੀ ਹੋਣ ’ਤੇ ਸਰਕਾਰ ਨਾਲ ਸਾਂਝੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਛਿਪ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵੱਖਰੇ ਤੌਰ ’ਤੇ ਖੁਲਾਸਾ ਕੀਤਾ ਕਿ ਅੱਜ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਨੂੰ ਅਜਿਹੀਆਂ ਲਗਪਗ 10 ਧਮਕੀਆਂ ਭਰੇ ਈ-ਮੇਲ ਆ ਚੁੱਕੇ ਹਨ।

ਮੁੱਖ ਮੰਤਰੀ ਅਤੇ ਧਾਮੀ ਵਿਚਾਲੇ ਬੰਦ ਕਮਰਾ ਮੀਟਿੰਗ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬੰਦ ਕਮਰਾ ਮੀਟਿੰਗ ਕੀਤੀ। ਉਨ੍ਹਾਂ ਸ਼ਤਾਬਦੀ ਸਮਾਗਮਾਂ ਸਬੰਧੀ ਸਰਕਾਰ ਅਤੇ ਸਿੱਖ ਸੰਸਥਾ ਵਿੱਚ ਬਣੇ ਟਕਰਾਅ ਵਾਲੇ ਮਾਹੌਲ ਬਾਰੇ ਗੱਲਬਾਤ ਸਬੰਧੀ ਕੋਈ ਵੀ ਖੁਲਾਸਾ ਨਹੀਂ ਕੀਤਾ। ਇਸ ਤੋਂ ਪਹਿਲਾਂ ਧਾਮੀ ਵੱਲੋਂ ਸਰਕਾਰ ’ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਦੇ ਸਮਾਨਾਂਤਰ ਸਮਾਗਮ ਕਰ ਕੇ ਟਕਰਾਅ ਵਾਲਾ ਮਾਹੌਲ ਪੈਦਾ ਕਰ ਰਹੀ ਹੈ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਦੋਵਾਂ ਹੀ ਆਗੂਆਂ ਨੇ ਇਸ ਸਬੰਧੀ ਕੋਈ ਵੀ ਖੁਲਾਸਾ ਕਰਨ ਤੋਂ ਟਾਲਾ ਵੱਟਿਆ।

Advertisement