ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਜੁਲਾਈ
ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 17 ਜੁਲਾਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦਲਜੀਤ ਨੂੰ ਸਾਬਕਾ ਮੰਤਰੀ ਗਿਲਜੀਆਂ ਖ਼ਿਲਾਫ਼ ਦਰਜ ਰਿਸ਼ਵਤਖ਼ੋਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਜੋ ਹਾਲੇ ਵਿਜੀਲੈਂਸ ਦੀ ਪਹੁੰਚ ਤੋਂ ਬਾਹਰ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਦੀ ਜਾਂਚ ਟੀਮ ਨੇ ਦਲਜੀਤ ਗਿਲਜੀਆਂ ਦੇ ਘਰ ਦੀ ਤਲਾਸ਼ੀ ਲਈ। ਮੁਲਜ਼ਮ ਦੇ ਘਰ ’ਚੋਂ ਲੈਪਟਾਪ, ਪੈੱਨ ਡਰਾਈਵ ਅਤੇ ਕੁੱਝ ਅਹਿਮ ਦਸਤਾਵੇਜ਼ ਕਬਜ਼ੇ ਵਿੱਚ ਲਏ ਹਨ। ਘਰ ਦੀ ਤਲਾਸ਼ੀ ਦੌਰਾਨ ਦਲਜੀਤ ਦੇ ਘਰ ਖੜ੍ਹੀ ਮਰਸਿਡੀਜ਼ ਦੇ ਅਗਲੇ ਸ਼ੀਸ਼ੇ ਉੱਤੇ ਐਮਐਲਏ ਦਾ ਸਟਿੱਕਰ ਲੱਗਿਆ ਹੋਇਆ ਸੀ ਜਦੋਂਕਿ ਉਹ ਨਾ ਤਾਂ ਮੌਜੂਦਾ ਵਿਧਾਇਕ ਹੈ ਅਤੇ ਨਾ ਹੀ ਸਾਬਕਾ ਵਿਧਾਇਕ ਹੈ। ਇਸ ਸਟਿੱਕਰ ਕਾਰਨ ਉਹ ਪੰਜਾਬ ਸਿਵਲ ਸਕੱਤਰੇਤ ਅਤੇ ਪੰਜਾਬ ਵਿਧਾਨ ਸਭਾ ਵਿੱਚ ਆਸਾਨੀ ਨਾਲ ਆਉਂਦਾ ਜਾਂਦਾ ਸੀ।
ਵਿਜੀਲੈਂਸ ਅਨੁਸਾਰ ਦਲਜੀਤ ਠੇਕੇਦਾਰਾਂ ਤੋਂ ਪੈਸਿਆਂ ਦੀ ਵਸੂਲੀ ਲਈ ਦਲਾਲੀ ਕਰਦਾ ਸੀ ਅਤੇ ਉੱਚ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਪੈਸਿਆਂ ਦੇ ਲੈਣ-ਦੇਣ ਲਈ ਹਮੇਸ਼ਾ ਵਟਸਐਪ ’ਤੇ ਗੱਲਬਾਤ ਕਰਦਾ ਸੀ। ਇਸ ਤੋਂ ਇਲਾਵਾ ਜੰਗਲਾਤ ਅਧਿਕਾਰੀਆਂ ਦੇ ਤਬਾਦਲੇ, ਗੈਰਕਾਨੂੰਨੀ ਮਾਈਨਿੰਗ, ਟ੍ਰੀ ਗਾਰਡਾਂ ਦੀ ਖ਼ਰੀਦ, ਖੈਰ ਦੇ ਦਰਖ਼ਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨਾ, ਹਾਈਵੇਅ ਨੇੜੇ ਵਪਾਰਕ ਅਦਾਰਿਆਂ ਲਈ ਸੜਕਾਂ ਬਣਾਉਣ ਲਈ ਐਨਓਸੀ ਸਰਟੀਫਿਕੇਟ ਜਾਰੀ ਕਰਨ ਸਮੇਤ ਵਿਭਾਗੀ ਕੰਮਾਂ ਵਿੱਚ ਭ੍ਰਿਸ਼ਟਾਚਾਰ ਕਰਨ ਵਿੱਚ ਵੀ ਉਸ ਦੀ ਸ਼ਮੂਲੀਅਤ ਸੀ।
ਦਲਜੀਤ ’ਤੇ ਆਪਣੇ ਰਿਸ਼ਤੇਦਾਰ ਮੰਤਰੀ ਦੀ ਤਰਫ਼ੋਂ ਸਰਕਾਰੀ ਅਤੇ ਗੈਰ-ਸਰਕਾਰੀ ਮਾਮਲਿਆਂ ਵਿੱਚ ਸਿੱਧੇ ਤੌਰ ’ਤੇ ਦਖ਼ਲ ਦੇਣ ਦਾ ਦੋਸ਼ ਹੈ। ਵਿਜੀਲੈਂਸ ਅਨੁਸਾਰ ਇਸ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਵੀ ਦਲਜੀਤ ਹੋਰਨਾਂ ਸ਼ੱਕੀ ਵਿਅਕਤੀਆਂ, ਮੁਲਜ਼ਮਾਂ ਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਹਦਾਇਤਾਂ ਦੇ ਰਿਹਾ ਸੀ ਜਿਸ ਨਾਲ ਜਾਂਚ ਪ੍ਰਭਾਵਿਤ ਹੋ ਰਹੀ ਸੀ। ਸੰਗਤ ਸਿੰਘ ਗਿਲਜੀਆਂ ਸਤੰਬਰ 2021 ਵਿੱਚ ਜੰਗਲਾਤ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜੰਗਲਾਤ ਵਿਭਾਗ ਵਿੱਚ ਸਰਕਾਰੀ ਫੰਡਾਂ ਦੀ ਹੇਰਾਫੇਰੀ ਅਤੇ ਗਬਨ ਦੇ ਮਾਮਲਿਆਂ ਦੀ ਜਾਂਚ ਕਰਵਾਉਣ ਤੋਂ ਟਾਲਾ ਵੱਟਿਆ।