ਖੇਤਰੀ ਪ੍ਰਤੀਨਿਧ
ਪਟਿਆਲਾ, 6 ਜਨਵਰੀ
ਕੇਂਦਰ ਅਤੇ ਸੂਬਾਈ ਸਰਕਾਰ ਦੀਆਂ ਮੁਲਾਜ਼ਮ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਅੱਜ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਮੁਲਾਜ਼ਮਾਂ ਵੱਲੋਂ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਨੇੜੇ ਸਥਿਤ ਵਾਈਪੀਐੱਸ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਥੇ ਭਾਖੜਾ ਮੇਨ ਲਾਈਨ ਦੇ ਦਫ਼ਤਰ ਸਾਹਮਣੇ ਰੋਸ ਰੈਲੀ ਕਰਨ ਮਗਰੋਂ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਵਹੀਕਲ ਮਾਰਚ ਕਰਦਿਆਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਨਿਵਾਸ ਵੱਲ ਵਹੀਰਾਂ ਘੱਤੀਆਂ ਪਰ ਥਾਣਾ ਸਿਵਲ ਲਾਈਨ ਦੇ ਮੁਖੀ ਸੁਖਵਿੰਦਰ ਗਿੱਲ ਦੀ ਅਗਵਾਈ ਹੇਠ ਤਾਇਨਾਤ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਵਾਈਪੀਐੱਸ ਚੌਕ ਵਿੱਚ ਹੀ ਰੋਕ ਲਿਆ। ਮੁਲਾਜ਼ਮ ਇਥੇ ਹੀ ਧਰਨਾ ਮਾਰ ਕੇ ਬੈਠ ਗਏ ਤੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਖੂਬ ਪਿੱਟ ਸਿਆਪਾ ਕੀਤਾ। ਆਗੂਆਂ ਨੇ ਮੋਦੀ ਅਤੇ ਕੈਪਟਨ ਸਰਕਾਰਾਂ ਨੂੰ ਮੁਲਾਜ਼ਮ, ਮਜ਼ਦੂਰ ਅਤੇ ਲੋਕ ਵਿਰੋਧੀ ਕਰਾਰ ਦਿੱਤਾ। ਤਹਿਸੀਲਦਾਰ ਵੱਲੋਂ ਧਰਨਾ ਸਥਾਨ ’ਤੇ ਆ ਕੇ ਮੰਗ ਪੱਤਰ ਲੈਣ ਮਗਰੋਂ ਧਰਨਾ ਸਮਾਪਤ ਕੀਤਾ ਗਿਆ।