‘ਆਪ’ ਦੇ ਬਾਗ਼ੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਕੱਲ੍ਹ ਰਾਤ ਜਾਰੀ ਕੀਤੀ ਵੀਡੀਓ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਮਗਰੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵਿਧਾਇਕ ਪਠਾਣਮਾਜਰਾ ਦੇ ਪਰਿਵਾਰ ਦੇ ਹੱਕ ਵਿੱਚ ਆ ਗਏ ਹਨ। ਸ੍ਰੀ ਪਠਾਣਮਾਜਰਾ ਨੇ ਉਨ੍ਹਾਂ ਦੇ ਪਰਿਵਾਰ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇ ਸਬੰਧੀ ਵੀਡੀਓ ਪਾਈ ਸੀ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਵਿਧਾਇਕ ਪਠਾਣਮਾਜਰਾ ਦੀ ਪਤਨੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਵਿਧਾਇਕ ਦੀ ਪਤਨੀ ਦਾ ਹਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੋਂ ਇਲਾਵਾ ਕਈ ਹੋਰ ਆਗੂ ਪਹੁੰਚੇ ਹਨ।
ਇਸ ਤੋਂ ਇਲਾਵਾ ਵਿਧਾਇਕ ਪਠਾਣਮਾਜਰਾ ਦੇ ਪਰਿਵਾਰ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੇ ਆਗੂ ਕੁਲਵੀਰ ਸਿੰਘ ਜ਼ੀਰਾ, ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਤੋਂ ਇਲਾਵਾ ਬਹੁਤ ਸਾਰੇ ਆਗੂਆਂ ਨੇ ਹਾਅ ਦਾ ਨਾਅਰਾ ਮਾਰਿਆ ਹੈ। ਕਾਂਗਰਸੀ ਆਗੂ ਕੁਲਵੀਰ ਜ਼ੀਰਾ ਨੇ ਇੱਕ ਵੀਡੀਓ ਜਾਰੀ ਕਰ ਕੇ ‘ਆਪ’ ਵਿਧਾਇਕਾਂ ਨੂੰ ਪਠਾਣਮਾਜਰਾ ਦੇ ਪਰਿਵਾਰ ਦੇ ਹੱਕ ਵਿੱਚ ਖੜ੍ਹਨ ਲਈ ਕਿਹਾ ਹੈ। ਵਿਧਾਇਕ ਦੇ ਪਰਿਵਾਰ ਦੇ ਹੱਕ ਵਿੱਚ ਆਏ ਵੱਖ-ਵੱਖ ਸਿਆਸੀ ਆਗੂਆਂ ਨੇ ਕਿਹਾ ਕਿ ਜੇ ਵਿਧਾਇਕ ਪਠਾਣਮਾਜਰਾ ਨੇ ਕੋਈ ਗੁਨਾਹ ਕੀਤਾ ਹੈ ਤਾਂ ਉਸ ਦੀ ਸਜ਼ਾ ਪਰਿਵਾਰਕ ਮੈਂਬਰਾਂ ਨੂੰ ਕਿਉਂ ਦਿੱਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਉਹ ਹਰਮੀਤ ਸਿੰਘ ਪਠਾਣਮਾਜਰਾ ਦੇ ਹੱਕ ਵਿੱਚ ਨਹੀਂ ਹਨ, ਸਰਕਾਰ ਉਨ੍ਹਾਂ ਨੂੰ ਜਿਵੇਂ ਚਾਹੇ ਗ੍ਰਿਫ਼ਤਾਰ ਕਰੇ ਕਾਨੂੰਨ ਸਜ਼ਾ ਦੇਵੇਗਾ ਪਰ ਉਨ੍ਹਾਂ ਦੇ ਪਰਿਵਾਰ ਨੂੰ ਇੱਜ਼ਤ ਅਤੇ ਸਕੂਨ ਨਾਲ ਜਿਊਣ ਦਿੱਤਾ ਜਾਵੇ।
ਉਹ ਹਲਕਾ ਸਨੌਰ ਦੇ ਵਸਨੀਕ ਸਿਮਰਨਜੀਤ ਕੌਰ ਪਠਾਣਮਾਜਰਾ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਵਿਧਾਇਕ ਨੇ ਪਤਨੀ ਦੇ ਜ਼ਿਆਦਾ ਬਿਮਾਰ ਹੋਣ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਦੋਸ਼ ਲਗਾਇਆ ਸੀ। ਵਿਧਾਇਕ ਪਠਾਣਮਾਜਰਾ ਦੀ ਪਤਨੀ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਸ਼ੂਗਰ ਤੋਂ ਪੀੜਤ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੰਜ ਅਪਰੇਸ਼ਨ ਹੋ ਚੁੱਕੇ ਹਨ। ਵਿਧਾਇਕ ਦੀ ਪਤਨੀ ਦਾ ਇਲਾਜ ਪਹਿਲਾਂ ਇੱਕ ਵਿਸ਼ੇਸ਼ ਹਸਪਤਾਲ ਤੋਂ ਚੱਲਦਾ ਦੱਸਿਆ ਜਾ ਰਿਹਾ ਹੈ।