Political Shift: ਅਨਿਲ ਜੋਸ਼ੀ ਭਲਕੇ ਹੋਣਗੇ ਕਾਂਗਰਸ ਵਿੱਚ ਸ਼ਾਮਿਲ
Political Shift: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਬਦਲਾਅ ਹੋਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹੇ ਅਨਿਲ ਜੋਸ਼ੀ ਭਲਕੇ ਕਾਂਗਰਸ ਵਿੱਚ ਸ਼ਾਮਲ ਹੋਣਗੇ।
ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਏਆਈਸੀਸੀ(AICC) ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ। ਮੰਨਿਆ ਜਾ ਰਿਹਾ ਹੈ ਕਿ ਇਸ ਬਾਰੇ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ, 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿੱਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿੱਚ ਵਾਪਸ ਆ ਗਏ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਲੜੀਆਂ ਪਰ ਹਾਰ ਗਏ ਸਨ।
ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ 'ਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ। 2021 ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਕਾਰਨ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿੱਚ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜੋਸ਼ੀ ਨੇ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵਿੱਚ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਵੀ ਸੇਵਾ ਨਿਭਾਈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਅਨਿਲ ਜੋਸ਼ੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਹੋ ਸਕਦੀ ਹੈ।