ਸਿਆਸੀ ਦਾਅ: ਭਾਜਪਾ ਵੱਲੋਂ ਹਰਿਆਣਾ ਸਹਾਰੇ ਪੰਜਾਬ ਜਿੱਤਣ ਦੀ ਤਿਆਰੀ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਡੇਢ ਸਾਲ ਪਹਿਲਾਂ ਹੀ ਰਾਜਨੀਤਕ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਭਾਜਪਾ ਵੱਲੋਂ ਹਰਿਆਣਾ ਸਰਕਾਰ ਦੇ ਮੌਢੇ ਚੜ੍ਹ ਕੇ ਪੰਜਾਬ ਦੇ ਸਿੱਖਾਂ ਅਤੇ ਔਰਤਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕਰ ਕੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ 1984 ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੇ ਦੀਨ ਦਿਆਨ ਲਾਡੋ ਲਕਸ਼ਮੀ ਯੋਜਨਾ ਅਧੀਨ ਔਰਤਾਂ ਨੂੰ 2100-2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਹਰਿਆਣਾ ਸਰਕਾਰ ਦੇ ਦੋਵਾਂ ਫ਼ੈਸਲਿਆਂ ਦੀ ਪੰਜਾਬ ਵਿੱਚ ਚਰਚਾ ਜ਼ੋਰਾਂ ’ਤੇ ਚੱਲ ਰਹੀ ਹੈ। ‘ਆਪ’ ਵੱਲੋਂ ਵੀ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੋ ਸਾਢੇ ਤਿੰਨ ਸਾਲਾਂ ਮਗਰੋਂ ਵੀ ਵਫ਼ਾ ਨਹੀਂ ਹੋਇਆ। ਹਰਿਆਣਾ ਵਿੱਚ ਭਾਜਪਾ ਸਰਕਾਰ ਨੇ 10 ਮਹੀਨਿਆਂ ਦੇ ਕਾਰਜਕਾਲ ਵਿੱਚ ਹੀ ਔਰਤਾਂ ਨੂੰ 2100-2100 ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ ਜੋ 25 ਸਤੰਬਰ ਤੋਂ ਮਿਲਣੇ ਸ਼ੁਰੂ ਹੋ ਜਾਣਗੇ।
ਸੈਣੀ ਨੇ ਪੰਜਾਬ ’ਚ ਸਰਗਰਮੀਆਂ ਵਧਾਈਆਂ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਜਲੰਧਰ, ਆਨੰਦਪੁਰ ਸਾਹਿਬ ਸਣੇ ਵੱਖ-ਵੱਖ ਇਲਾਕਿਆਂ ਵਿੱਚ ਵੱਡੀਆਂ ਰੈਲੀਆਂ ਵਿੱਚ ਸ਼ਿਰਕਤ ਕੀਤੀ ਗਈ ਹੈ। ਭਾਜਪਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਹਾਰੇ ਪੰਜਾਬ ਵਿੱਚ ਦਲਿਤਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਿੱਖਿਆ ਚਿਹਰਿਆਂ ਨੂੰ ਨਾਲ ਜੋੜਿਆ ਜਾ ਰਿਹਾ ਹੈ।