ਚਰਨਜੀਤ ਭੁੱਲਰ
ਚੰਡੀਗੜ੍ਹ 7 ਮਾਰਚ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋੋਣਾਂ ਦੇ ਨਤੀਜਿਆਂ ਤੋਂ ਐਨ ਤਿੰਨ ਦਿਨ ਪਹਿਲਾਂ ਅੱਜ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਹੈ ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਬੇਸ਼ੱਕ ਕੈਪਟਨ ਨੇ ਮੀਟਿੰਗ ਦੌਰਾਨ ਪੰਜਾਬ ਚੋਣਾਂ ਨੂੰ ਲੈ ਕੇ ਕੋਈ ਗੱਲਬਾਤ ਹੋਣ ਤੋਂ ਇਨਕਾਰ ਕੀਤਾ ਹੈ ਪ੍ਰੰਤੂ ਇਸ ਮੀਟਿੰਗ ਨੇ ਨਵੇਂ ਚਰਚੇ ਛੇੜ ਦਿੱਤੇ ਹਨ। ਰਾਜਸੀ ਹਲਕਿਆਂ ਵਿਚ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਹ ਅਚਨਚੇਤੀ ਮੀਟਿੰਗ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਹੋਈ ਹੈ। ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਲਟਕਵੀਂ ਅਸੈਂਬਲੀ ਦੀ ਸੂਰਤ ਵਿਚ ਸਿਆਸੀ ਗਣਿਤ ਬਿਠਾਉਣ ਨੂੰ ਲੈ ਕੇ ਕੈਪਟਨ ਨੇ ਅਮਿਤ ਸ਼ਾਹ ਨਾਲ ਚਰਚਾ ਕੀਤੀ ਹੈ। ਮੀਟਿੰਗ ਮਗਰੋਂ ਕੈਪਟਨ ਨੇ ਕਿਹਾ,‘‘ਅੱਜ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਕੀਤੀ ਹੈ ਜਿਸ ਵਿਚ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਚੋਣਾਂ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਹੋਈ ਹੈ।’’ ਕੌਮੀ ਸੁਰੱਖਿਆ ਬਾਰੇ ਕੋਈ ਚਰਚਾ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੁੰਦਾ ਕਿ ਸਾਰੀਆਂ ਗੱਲਾਂ ਮੀਡੀਆ ਨਾਲ ਸਾਂਝੀਆਂ ਕੀਤੀਆਂ ਜਾਣ। ਕੈਪਟਨ ਨੇ ਬੀਬੀਐੱਮਬੀ ਬਾਰੇ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਵਿਚ ਇਸ ਮੁੱਦੇ ਨੂੰ ਨਹੀਂ ਛੋਹਿਆ ਹੈ।
ਨਵੀਂ ਦਿੱਲੀ (ਪੱਤਰ ਪ੍ਰੇਰਕ): ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰੇਗਾ। ਮੀਡੀਆ ਨਾਲ ਗੱਲਬਾਤ ਦੌਰਾਨ ਜਦੋਂ ਕੈਪਟਨ ਤੋਂ ਪੰਜਾਬ ਚੋਣਾਂ ਵਿਚ ਉਨ੍ਹਾਂ ਦੇ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘‘ਮੈਂ ਕੋਈ ਪੰਡਤ ਨਹੀਂ ਹਾਂ। ਮੈਂ ਕੋਈ ਅਜਿਹਾ ਵਿਅਕਤੀ ਨਹੀਂ ਹਾਂ ਜੋ ਭਵਿੱਖਬਾਣੀ ਕਰ ਸਕੇ। ਮੇਰੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਜਪਾ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਆਓ ਦੇਖਦੇ ਹਾਂ ਕਿ ਕੀ ਹੁੰਦਾ ਹੈ।’’ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ ਬਾਰੇ ਚਰਚਾ ਹੋਈ ਹੈ।
ਬੀਬੀਐੱਮਬੀ ਮੁੱਦੇ ’ਤੇ ਕੈਪਟਨ ਨੇ ਮੋਦੀ ਨੂੰ ਚਿੱਠੀ ਲਿਖੀ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦੱਸਿਆ ਕਿ ਚਿੱਠੀ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕੀਤੇ ਜਾਣ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ’ਚੋਂ ਮੁਲਾਜ਼ਮਾਂ ਦੀਆਂ ਨਿਯੁਕਤੀਆਂ ਦਾ ਅਨੁਪਾਤ 60:40 ਹੋਣ ’ਤੇ ਸਹਿਮਤੀ ਬਣੀ ਸੀ। ਉਨ੍ਹਾਂ ਕਿਹਾ ਕਿ ਬੀਬੀਐੱਮਬੀ ਵਿਚ ਮੈਂਬਰਾਂ ਦੀ ਨਿਯੁਕਤੀ ਬਾਰੇ ਹੁਣ ਕੇਂਦਰ ਵੱਲੋਂ ਕੁਝ ਬਦਲਾਅ ਕਰ ਦਿੱਤੇ ਗਏ ਹਨ।