DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਣਜੀਤ ਗਿੱਲ ’ਤੇ ਛਾਪਿਆਂ ਮਗਰੋਂ ਪੰਜਾਬ ’ਚ ਸਿਆਸਤ ਭਖ਼ੀ

ਭਾਜਪਾ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ; ਭਾਜਪਾ ਨੇ ਵਿਜੀਲੈਂਸ ਦੀ ਕਾਰਵਾਈ ਦੇ ਸਮੇਂ ’ਤੇ ਚੁੱਕੇ ਸਵਾਲ
  • fb
  • twitter
  • whatsapp
  • whatsapp
Advertisement
ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਤੇ ਸਿਆਸਤਦਾਨ ਰਣਜੀਤ ਸਿੰਘ ਗਿੱਲ ਦੇ ਲੰਘੀ ਰਾਤ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਅਤੇ ਮੁਹਾਲੀ ਤੇ ਖਰੜ ਦਫ਼ਤਰਾਂ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਗਿੱਲ ਦੇ ਘਰ ਤੇ ਦਫ਼ਤਰ ਵਿੱਚ ਵਿਜੀਲੈਂਸ ਦੇ ਛਾਪੇ ਕਰ ਕੇ ਪੰਜਾਬ ਵਿੱਚ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਆਹਮੋ-ਸਾਹਮਣੇ ਆ ਗਈਆਂ ਹਨ। ਦੋਵੇਂ ਧਿਰਾਂ ਦੇ ਆਗੂਆਂ ਵੱਲੋਂ ਇਕ-ਦੂਜੇ ’ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਵੱਲੋਂ ਮੁਹਾਲੀ, ਪਟਿਆਲਾ ਸਣੇ ਸੂਬੇ ਵਿੱਚ ਹੋਰ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਭਾਜਪਾ ਵੱਲੋਂ ਵਿਜੀਲੈਂਸ ਦੀ ਛਾਪੇ ਦੇ ਸਮੇਂ ’ਤੇ ਸਵਾਲ ਖੜ੍ਹੇ ਕੀਤੇ ਗਏ।ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ‘ਆਪ’ ਵੱਲੋਂ ਰਣਜੀਤ ਸਿੰਘ ਗਿੱਲ ਦੀ ਰਿਹਾਇਸ਼ ਤੇ ਦਫ਼ਤਰ ’ਤੇ ਵਿਜੀਲੈਂਸ ਦਾ ਛਾਪਾ ਬਦਲਾਖੋਰੀ ਤਹਿਤ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਗਿੱਲ ਨੇ 18 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਉਸੇ ਦਿਨ ਤੋਂ ‘ਆਪ’ ਵੱਲੋਂ ਉਨ੍ਹਾਂ ’ਤੇ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਦਬਾਅ ਪਾਇਆ ਜਾ ਰਿਹਾ ਸੀ ਪਰ ਰਣਜੀਤ ਸਿੰਘ ਗਿੱਲ ਨੇ ‘ਆਪ’ ਨੂੰ ਨਕਾਰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸੇ ਕਰਕੇ ‘ਆਪ’ ਨੇ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟੇ ਬਾਅਦ ਹੀ ਉਨ੍ਹਾਂ ਦੇ ਘਰ ਤੇ ਦਫ਼ਤਰ ਵਿੱਚ ਵਿਜੀਲੈਂਸ ਦੀ ਛਾਪੇਮਾਰੀ ਕਰਵਾਈ ਹੈ। ਸ੍ਰੀ ਜੋਸ਼ੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਸਣੇ ਦੇਸ਼ ਭਰ ਵਿੱਚ ਲੋਕ ਹਿੱਤ ’ਚ ਆਵਾਜ਼ ਚੁੱਕੀ ਜਾ ਰਹੀ ਹੈ। ਇਸ ਲਈ ਸਾਲ 2027 ਵਿੱਚ ਪੰਜਾਬ ਦੇ ਲੋਕ ਭਾਜਪਾ ਦੇ ਨਾਲ ਖੜ੍ਹੇ ਹੋਣਗੇ।

 ‘ਆਪ’ ਨੇ ਗਿੱਲ ਦੇ ਅੱਧੀ ਰਾਤ ਨੂੰ ਭਾਜਪਾ ’ਚ ਸ਼ਾਮਲ ਹੋਣ ’ਤੇ ਚੁੱਕੇ ਸਵਾਲ

Advertisement

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਲੰਘੀ ਰਾਤ ਰਣਜੀਤ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਰਣਜੀਤ ਸਿੰਘ ਗਿੱਲ ਨੂੰ ਰਾਤ ਸਮੇਂ ਪੰਜਾਬ ਦੇ ਆਗੂਆਂ ਦੀ ਥਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੁਆਰਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਾ ਵਿਅਕਤੀ ਕਥਿਤ ਤੌਰ ’ਤੇ ਉਸੇ ਵਿਜੀਲੈਂਸ ਕੇਸ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹ ਕੇ ਮਜੀਠੀਆ ਦਾ ਸਮਰਥਨ ਕੀਤਾ ਸੀ। ਹੁਣ ਉਸ ਕੇਸ ਨਾਲ ਜੁੜੇ ਇੱਕ ਹੋਰ ਵਿਅਕਤੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਮਦਦ ਨਾਲ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ ਹੈ। ਸ੍ਰੀ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਡਰੱਗ ਮਾਫੀਆ, ਗੈਂਗਸਟਰਾਂ ਤੇ ਉਨ੍ਹਾਂ ਦੇ ਰਾਜਨੀਤਿਕ ਸਮਰਥਕਾਂ ’ਤੇ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ।

Advertisement
×