DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹਿਰੀ ਵਿਕਾਸ ਅਥਾਰਟੀਆਂ ਦਾ ਚੇਅਰਮੈਨ ਮੁੱਖ ਸਕੱਤਰ ਨੂੰ ਲਾਉਣ ਦੇ ਫ਼ੈਸਲੇ ’ਤੇ ਸਿਆਸਤ ਭਖ਼ੀ

ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ; ‘ਆਪ’ ਨੇ ਫੈਸਲੇ ਨੂੰ ਵਿਕਾਸ ਪੱਖੀ ਦੱਸਿਆ
  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 22 ਜੂਨ

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੰਘੇ ਦਿਨ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਚੇਅਰਮੈਨ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਲਗਾਏ ਜਾਣ ਲਈ ਹਰੀ ਝੰਡੀ ਦੇਣ ’ਤੇ ਸਿਆਸਤ ਭਖ ਗਈ ਹੈ। ਵਿਰੋਧੀ ਧਿਰਾਂ ਵੱਲੋਂ ਇਸ ਫ਼ੈਸਲੇ ਨੂੰ ਲੈ ਕੇ ਸਰਕਾਰ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ ਤਾਂ ਦੂਜੇ ਪਾਸੇ ਸੱਤਾਧਾਰੀ ਧਿਰ ਵੱਲੋਂ ਇਸ ਫ਼ੈਸਲੇ ਨੂੰ ਵਿਕਾਸ ਪੱਖੀ ਦੱਸਿਆ ਜਾ ਰਿਹਾ ਹੈ।

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਪੰਜਾਬ ’ਤੇ ਸਾਸ਼ਨ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮਹਿਜ਼ ਕਠਪੁਤਲੀ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦਾ ਸਾਸ਼ਨ ਸਿੱਧੇ ਤੌਰ ’ਤੇ ਕੇਜਰੀਵਾਲ ਤੇ ਉਨ੍ਹਾਂ ਦੇ ਚੁਣੇ ਹੋਏ ਵਿਅਕਤੀ ਕੋਲ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਵਿੱਚ ਕਈ ਦਿੱਲੀ ਦੇ ਆਗੂ ਵੱਡੀਆਂ ਕੁਰਸੀਆਂ ’ਤੇ ਬੈਠੇ ਹੋਏ ਹਨ, ਜਿਨ੍ਹਾਂ ਵੱਲੋਂ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਫ਼ੈਸਲਿਆਂ ਦਾ ਵਿਰੋਧ ਕਰੇਗੀ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੀਤਪਾਲ ਸਿੰਘ ਬਲੀਆਵਾਲ ਨੇ ਮੁੱਖ ਮੰਤਰੀ ਦੀਆਂ ਸ਼ਕਤੀਆਂ ਖੋਹਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਕੇਂਦਰੀ ਲੀਡਰਸ਼ਿਪ ਸਾਰੀਆਂ ਸ਼ਕਤੀਆਂ ਪੰਜਾਬ ਦੇ ਆਗੂਆਂ ਤੋਂ ਖੋਹ ਕੇ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ‘ਆਪ’ ਵੱਲੋਂ ਮੁੱਖ ਮੰਤਰੀ ਦੀਆਂ ਸ਼ਕਤੀਆਂ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਭਗਵੰਤ ਮਾਨ ਦਾ ਅਰਵਿੰਦ ਕੇਜਰੀਵਾਲ ਅੱਗੇ ਗੋਡੇ ਟੇਕਣ ਦਾ ਕੰਮ ਹੁਣ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ‘ਆਪ’ ਸਰਕਾਰ ਵੱਲੋਂ ਪੰਜਾਬ ਦੀ ਹਜ਼ਾਰਾਂ ਏਕੜ ਜ਼ਮੀਨ ਹਥਿਆਉਣ ਲਈ ਲੈਂਡ ਪੂਲਿੰਗ ਪਾਲਸੀ ਲਿਆਂਦੀ ਗਈ ਹੈ। ਸ੍ਰੀ ਲੱਖੋਵਾਲ ਨੇ ਐਲਾਨ ਕੀਤਾ ਕਿ ਇਸ ਫ਼ੈਸਲੇ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕੇਜਰੀਵਾਲ ਅੱਗੇ ਗੋਡੇ ਟੇਕੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਜ਼ਮੀਨਾਂ ਅਤੇ ਵਿਕਾਸ ਫੰਡਾਂ ਦਾ ਕੰਟਰੋਲ ਆਪਣੇ ਦਿੱਲੀ ਦੇ ਆਕਾ ਨੂੰ ਸੌਂਪ ਦਿੱਤਾ, ਹੁਣ ਲੋਕਾਂ ਵੱਲੋਂ ਚੁਣੇ ਨੁਮਾਇੰਦੇ ਮੁੱਖ ਮੰਤਰੀ ਦੀਆਂ ਸ਼ਕਤੀ ਖੋਹ ਕੇ ਸਰਕਾਰੀ ਅਧਿਕਾਰੀ ਮੁੱਖ ਸਕੱਤਰ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਦਾ ਡੱਟ ਕੇ ਵਿਰੋਧ ਕਰੇਗਾ।

ਲੋਕਾਂ ਨੂੰ ਗੁਮਰਾਹ ਕਰ ਰਹੀਆਂ ਨੇ ਵਿਰੋਧੀ ਪਾਰਟੀਆਂ: ਅਮਨ ਅਰੋੜਾ

‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤ ਵਿੱਚ ਵੱਡਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਸਕੱਤਰ ਦਾ 33 ਸਾਲ ਦਾ ਸੇਵਾ ਕਾਲ ਹੈ, ਇਸ ਦੇ ਬਾਵਜੂਦ ਵਿਰੋਧੀ ਧਿਰ ਵੱਲੋਂ ਸੰਵਿਧਾਨਕ ਅਹੁਦੇ ’ਤੇ ਬੈਠੇ ਅਫ਼ਸਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਅਥਾਰਟੀਆਂ ਵੱਲੋਂ ਲਏ ਗਏ ਫ਼ੈਸਲਿਆਂ ’ਤੇ ਆਖਰੀ ਮੋਹਰ ਮੰਤਰੀ ਮੰਡਲ ਵੱਲੋਂ ਹੀ ਲਗਾਈ ਜਾਵੇਗੀ। ਸ੍ਰੀ ਅਰੋੜਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿੱਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।

Advertisement
×