ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਭੱਠਿਆ ’ਤੇ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਹੈ। ਇਹ ਆਦੇਸ਼ ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨਾਲ ਮੀਟਿੰਗ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀਪੀਸੀਬੀ ਦਾ ਫ਼ਰਜ਼ ਬਣਦਾ ਹੈ, ਇਸ ਲਈ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕਾਰਜ ਸਮੇਂ ਦੀ ਮੁੱਖ ਲੋੜ ਹੈ। ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸ੍ਰੀ ਮਾਨ ਨੇ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਉਲੰਘਣਾ ਕਰਨ ਵਾਲੇ ਭੱਠਾ ਮਾਲਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਪੀਪੀਸੀਬੀ ਦੀ ਇਹ ਕਾਰਵਾਈ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਹੋਵੇ।