ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਦੇ ਦਿੱਤੇ ਭਰੋਸੇ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਰਨ ਵਰਤ ਮੁਲਤਵੀ ਕਰ ਦਿੱਤਾ ਗਿਆ ਹੈ ਪਰ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਟੈਂਕੀ ਉਪਰ ਡਟਿਆ ਰਹੇਗਾ। ਇਸੇ ਦੌਰਾਨ ਈਟੀਟੀ ਟੈੱਟ ਪਾਸ ਬੇਰੁਜ਼ਗਾਰ-2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦੋ ਬੇਰੁਜ਼ਗਾਰ ਅਧਿਆਪਕ ਖ਼ਰਾਬ ਮੌਸਮ ਅਤੇ ਮੀਂਹ ਦੇ ਬਾਵਜੂਦ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ’ਤੇ ਅੱਜ ਤੀਜੇ ਦਿਨ ਵੀ ਡਟੇ ਰਹੇ। ਦੱਸਣਯੋਗ ਹੈ ਕਿ ਪਿਛਲੇ ਦਸ ਦਿਨਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਦਾ ਮਰਨ ਵਰਤ ਜਾਰੀ ਸੀ ਜੋ ਕਿ ਈਟੀਟੀ ਦੀਆਂ 2364 ਅਸਾਮੀਆਂ ਦੀ ਭਰਤੀ ਬਹਾਲ ਕਰਾਉਣ ਲਈ ਸਰਕਾਰ ਪਾਸੋਂ ਅਦਾਲਤ ਵਿਚ ਹਲਫ਼ਨਾਮਾ ਦਾਇਰ ਕਰਨ ਦੀ ਮੰਗ ਕਰ ਰਹੇ ਹਨ।
ਉਧਰ, ਟੈਂਕੀ ਉਪਰ ਮਰਨ ਵਰਤ ’ਤੇ ਡਟੇ ਬੇਰੁਜ਼ਗਾਰ ਅਧਿਆਪਕ ਰਵੀ ਕੁਮਾਰ ਕਟਾਰੂਚੱਕ ਦੀ ਮਾਤਾ ਆਪਣੇ ਪੁੱਤਰ ਦੀ ਸਿਹਤ ਲਈ ਲਗਾਤਾਰ ਚਿੰਤਤ ਹੈ। ਰਵੀ ਕੁਮਾਰ ਅਨੁਸਾਰ ਮਾਤਾ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਪਠਾਨਕੋਟ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁੱਤ ਵੀ ਮਾਤਾ ਦੀ ਸਿਹਤ ਖ਼ਰਾਬ ਹੋਣ ਤੋਂ ਚਿੰਤਤ ਹੈ ਤੇ ਉਨ੍ਹਾਂ ਦਾ ਪਤਾ ਲੈਣ ਲਈ ਪਠਾਨਕੋਟ ਗਿਆ ਹੈ। ਅੱਜ ਸੰਘਰਸ਼ ਦੀ ਹਮਾਇਤ ਵਿਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਦੇ ਮੀਤ ਪ੍ਰਧਾਨ ਜਸਪਾਲ ਚੌਧਰੀ ਨੇ ਸਾਥੀਆਂ ਸਣੇ ਧਰਨੇ ’ਚ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਦੀ ਕੋਠੀ ਘੇਰਨ ਦੀ ਚਿਤਾਵਨੀ
ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਕਤੂਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਵਿੱਚ ਪੈਨਲ ਮੀਟਿੰਗ ਸਵੇਰੇ 11 ਵਜੇ ਤੈਅ ਕਰਵਾਈ ਗਈ ਹੈ। ਸੰਘਰਸ਼ ਕਮੇਟੀ ਦਾ ਵਫ਼ਦ ਮੀਟਿੰਗ ’ਚ ਸ਼ਾਮਲ ਹੋਣ ਲਈ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਅਦਾਲਤ ਵਿਚ ਹਲਫ਼ਨਾਮਾ ਦਾਇਰ ਨਾ ਕੀਤਾ ਤਾਂ 16 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮਰਨ ਵਰਤ ਸਿਰਫ਼ ਮੁਲਤਵੀ ਕੀਤਾ ਗਿਆ ਹੈ। ਜੇ ਪੈਨਲ ਮੀਟਿੰਗ ਵਿਚ ਕੋਈ ਹੱਲ ਨਾ ਹੋਇਆ ਤਾਂ ਮੁੜ ਮਰਨ ਵਰਤ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਉਦੋਂ ਤੱਕ ਟੈਂਕੀ ਉੱਪਰ ਡਟੇ ਰਹਿਣਗੇ ਜਦੋਂ ਤੱਕ ਸਰਕਾਰ ਅਦਾਲਤ ਵਿਚ ਹਲਫ਼ਨਾਮਾ ਦਾਇਰ ਨਹੀਂ ਕਰ ਦਿੰਦੀ।