ਆਤਿਸ਼ ਗੁਪਤਾ
ਚੰਡੀਗੜ੍ਹ, 28 ਦਸੰਬਰ
ਪੰਜਾਬ ਦੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਦਿੱਤੇ ਗਏ ਭਰੋਸੇ ਮਗਰੋਂ ਕਮੇਟੀ ਨੇ ਆਪਣਾ ‘ਰੇਲ ਰੋਕੋ ਅੰਦੋਲਨ’ ਮੁਲਤਵੀ ਕਰ ਦਿੱਤਾ ਹੈ।
ਮੁੱਖ ਮੰਤਰੀ ਚੰਨੀ ਨੇ ਪਿਛਲੇ ਸਾਉਣੀ ਸੀਜ਼ਨ ਦੌਰਾਨ ਗੜੇਮਾਰੀ ਕਾਰਨ ਬਾਸਮਤੀ ਦੇ ਹੋਏ ਨੁਕਸਾਨ ਲਈ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਕਿਸਾਨ-ਮਜ਼ਦੂਰ ਜਥੇਬੰਦੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਅੰਦੋਲਨ ਦੌਰਾਨ ਦਿੱਲੀ ਪੁਲੀਸ ਅਤੇ ਆਰਪੀਐੱਫ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਰੱਦ ਕਰਵਾਉਣ ਅਤੇ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਦੀਆਂ ਜ਼ਮੀਨਾਂ ਲਈ ਕਿਸਾਨਾਂ ਦਾ ਬਣਦਾ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਚੁੱਕਣਗੇ। ਅੰਦੋਲਨ ਦੌਰਾਨ ਜਾਨਾਂ ਜਵਾਉਣ ਵਾਲੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਵਿੱਤੀ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਬਾਰੇ ਪਹਿਲਾਂ ਹੀ ਵਿਚਾਰ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਚੰਨੀ ਨੇ ਕਲੋਨਾਈਜ਼ੇਸ਼ਨ ਵਿਭਾਗ ਨੂੰ ਚਾਰ ਕਿਸ਼ਤਾਂ ਵਿੱਚ ਅਦਾਇਗੀ ਕਰਨ ਦੀ ਇਜਾਜ਼ਤ ਦੇਣ ਮਗਰੋਂ ਲੰਮੇ ਸਮੇਂ ਤੋਂ ਜ਼ਮੀਨਾਂ ’ਤੇ ਕਾਬਜ਼ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਲਈ ਰੂਪ ਰੇਖਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤਾ।
ਵਫ਼ਦ ਦੀ ਮੰਗ ਪ੍ਰਵਾਨ ਕਰਦਿਆਂ ਚੰਨੀ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਬਿਹਤਰ ਭਾਅ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਜਲਦ ਹੀ ਉਨ੍ਹਾਂ ਸਾਰੀਆਂ ਫਸਲਾਂ ਨੂੰ ਸੂਬੇ ਦੇ ਘੱਟੋ-ਘੱਟ ਸਮਰਥਨ ਮੁੱਲ ਅਧੀਨ ਲਿਆਉਣ ਲਈ ਨੀਤੀ ਤਿਆਰ ਕਰੇਗੀ ਜੋ ਕੇਂਦਰ ਅਧੀਨ ਨਹੀਂ ਆਉਂਦੀਆਂ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਬਿਹਤਰ ਭਾਅ ਦੇਣ ਅਤੇ ਫਸਲੀ ਵਿਭਿੰਨਤਾ ਵੱਲ ਹੁਲਾਰਾ ਦੇਣ ਦੇ ਦੋਹਰੇ ਉਦੇਸ਼ਾਂ ਨਾਲ ਵਿਸ਼ਵ ਭਰ ਵਿੱਚ ਬਾਸਮਤੀ ਦੀ ਬਰਾਮਦ ਨੂੰ ਯਕੀਨੀ ਬਣਾਉਣ ਵਾਸਤੇ ਬਾਸਮਤੀ ਟ੍ਰੇਡਿੰਗ ਕਾਰਪੋਰੇਸ਼ਨ ਬਣਾਉਣ ਸਬੰਧੀ ਵਫਦ ਦੇ ਵਿਚਾਰ ਦਾ ਵੀ ਸਵਾਗਤ ਕੀਤਾ।
ਉਗਰਾਹਾਂ ਧੜੇ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੁਣ ਭਲਕੇ
ਪੰਜਾਬ ਵਿੱਚ ਕਿਸਾਨ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਸਮੇਂ ਦੀ ਤੰਗੀ ਦੀ ਭੇਟ ਚੜ੍ਹ ਗਈ। ਲੰਮੇ ਇੰਤਜ਼ਾਰ ਤੋਂ ਬਾਅਦ 12:15 ਵਜੇ ਚੰਨੀ ਆਪਣੀ ਮਜਬੂਰੀ ਦੱਸਦਿਆਂ 30 ਦਸੰਬਰ ਨੂੰ ਖੁੱਲ੍ਹੇ ਸਮੇਂ ਲਈ ਮੀਟਿੰਗ ਕਰਨ ਦਾ ਵਾਅਦਾ ਕਰ ਕੇ ਚਲੇ ਗਏ। ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋਣ ਮਗਰੋਂ ਕਿਸਾਨ ਜਥੇਬੰਦੀ ਨੇ ਆਪਣੇ ਪੱਧਰ ’ਤੇ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ ਸਮੇਤ ਹੋਰ ਆਗੂ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪੱਧਰ ’ਤੇ ਧਰਨੇ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਵਾਲੇ ਅਧਿਕਾਰੀਆਂ ਦੇ ਘਿਰਾਓ ਜਾਰੀ ਰੱਖਣ ਦਾ ਐਲਾਨ ਕੀਤਾ।