ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ(ਮੁਹਾਲੀ), 23 ਅਗਸਤ
ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਦੀ ਚੋਣ ਚੌਥੀ ਵਾਰ ਮੁਲਤਵੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਦੇ ਲੋਕਤੰਤਰੀ ਢਾਂਚੇ ਅਤੇ ਸਿੱਖਿਆ ਸੁਧਾਰਾਂ ਦੀ ਸੋਚ ਦੇ ਖ਼ਿਲਾਫ਼ ਹੈ। ਯੂਨੀਵਰਸਿਟੀ ਦੇ ਖ਼ੁਦ ਐਲੂਮਨੀ ਮੈਂਬਰ ਮਨੀਸ਼ ਤਿਵਾੜੀ ਨੇ ਇਸ ਕਦਮ ਨੂੰ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਤੋਂ ਐਲੂਮਨ ਨੂੰ ਦੂਰ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਭੂਮਿਕਾ ’ਤੇ ਵੀ ਸੁਆਲ ਖੜ੍ਹੇ ਕੀਤੇ ਹਨ ਅਤੇ ਯੂਨੀਵਰਸਿਟੀ ਦੇ ਕੁਲਪਤੀ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਆਤਮਾ ਬਚਾਉਣ ਦੀ ਅਪੀਲ ਕੀਤੀ।