ਗਰਮੀ ਕਾਰਨ ਬਿਜਲੀ ਦੀ ਮੰਗ 16,500 ਮੈਗਾਵਾਟ ’ਤੇ ਪੁੱਜੀ
ਆਤਿਸ਼ ਗੁਪਤਾ
ਪੰਜਾਬ ਵਿੱਚ ਪਿਛਲੇ ਹਫ਼ਤੇ ਪਏ ਮੀਂਹ ਤੋਂ ਬਾਅਦ ਗਰਮੀ ਮੁੜ ਜ਼ੋਰ ਫੜ ਗਈ ਹੈ ਅਤੇ ਗਰਮੀ ਵਧਣ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਪੰਜਾਬ ਵਿੱਚ ਦੁਪਹਿਰ ਸਮੇਂ ਬਿਜਲੀ ਦੀ ਮੰਗ 16,525 ਮੈਗਾਵਾਟ ’ਤੇ ਪਹੁੰਚ ਗਈ ਹੈ, ਜੋ ਆਮ ਦਿਨਾਂ ਦੇ ਮੁਕਾਬਲੇ ਜ਼ਿਆਦਾ ਹੈ। ਹਾਲਾਂਕਿ ਸ਼ਾਮ ਨੂੰ ਬਿਜਲੀ ਦੀ ਮੰਗ ਡਿੱਗ ਕੇ 11,200 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਲੰਘੇ ਸਾਲ ਅੱਜ ਦੇ ਦਿਨ ਸੂਬੇ ਵਿੱਚ ਬਿਜਲੀ ਦੀ ਮੰਗ 15,776 ਮੈਗਾਵਾਟ ਤੇ ਸਾਲ 2023 ਵਿੱਚ 12,945 ਮੈਗਾਵਾਟ ਦਰਜ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ ਨਿੱਜੀ ਤੇ ਸਰਕਾਰੀ ਖੇਤਰ ਦੇ 5 ਥਰਮਲ ਪਲਾਂਟਾਂ ਦੇ 15 ’ਚੋਂ 13 ਯੂਨਿਟ ਕਾਰਜਸ਼ੀਲ ਹਨ। ਇਸ ਦੌਰਾਨ ਰੋਪੜ ਥਰਮਲ ਪਲਾਂਟ ਦੇ ਸਾਰੇ ਚਾਰੋਂ ਯੂਨਿਟ ਚੱਲ ਰਹੇ ਹਨ, ਜਿੱਥੇ 700 ਮੈਗਾਵਾਟ ਦੇ ਕਰੀਬ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ’ਚੋਂ ਤਿੰਨ ਯੂਨਿਟ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ 600 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਵੀ ਦੋਵੇਂ ਯੂਨਿਟ ਚੱਲ ਰਹੇ ਹਨ। ਉੱਥੇ 500 ਮੈਗਾਵਾਟ ਦੇ ਕਰੀਬ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਨਿੱਜੀ ਖੇਤਰ ਦੇ ਥਰਮਲ ਪਲਾਂਟਾਂ ’ਚ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਚੱਲ ਰਹੇ ਹਨ, ਜਿੱਥੇ 1300 ਤੋਂ 1350 ਮੈਗਾਵਾਟ ਬਿਜਲੀ ਦਾ ਉਤਪਾਦਨ ਹੋਇਆ। ਇਸੇ ਤਰ੍ਹਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨ ’ਚੋਂ ਦੋ ਯੂਨਿਟ ਕਾਰਜਸ਼ੀਲ ਹਨ, ਜਿੱਥੇ 1200 ਮੈਗਾਵਾਟ ਦੇ ਕਰੀਬ ਬਿਜਲੀ ਦਾ ਉਤਪਾਦਨ ਕੀਤਾ ਗਿਆ। ਪੰਜਾਬ ਵਿੱਚ ਝੋਨੇ ਦੀ ਲੁਆਈ ਲਗਪਗ ਮੁਕੰਮਲ ਹੋਣ ਕਰਕੇ ਖੇਤਾਂ ਵਿੱਚ ਪਾਣੀ ਦੇਣ ਦੀ ਵਧੇਰੇ ਜ਼ਰੂਰਤ ਹੈ। ਇਸ ਦੌਰਾਨ ਮੋਟਰਾਂ ਚੱਲਣਗੀਆਂ ਤੇ ਬਿਜਲੀ ਦੀ ਮੰਗ ਹੋਰ ਵਧ ਸਕਦੀ ਹੈ।