ਪੱਤਰ ਪ੍ਰੇਰਕ
ਮਾਨਸਾ, 19 ਮਈ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਕਾਰਪੋਰੇਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਇਹ ਹੁਕਮ ਤੁਰੰਤ ਲਾਗੂ ਕਰ ਦਿੱਤੇ ਗਏ ਹਨ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਹ ਪ੍ਰਬੰਧਕੀ ਆਧਾਰ ’ਤੇ ਹੋਣ ਵਾਲੇ ਹੁਕਮਾਂ ਉਤੇ ਲਾਗੂ ਨਹੀਂ ਹੋਵੇਗਾ। ਪਾਵਰ ਕਾਰਪੋਰੇਸ਼ਨ ਦੇ ਡਿਪਟੀ ਸੈਕਟਰੀ ਜੋਨਜ਼ ਵੱਲੋਂ ਮੀਮੋ ਨੰ:4191/4300 ਵਿੱਚ ਦੱਸਿਆ ਹੈ ਕਿ ਰਾਜ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਚੰਗੀਆਂ ਸੇਵਾਵਾਂ ਦੇਣ ਲਈ ਇਹ ਪਾਬੰਦੀਆਂ ਲਾਈਆਂ ਗਈਆਂ ਹਨ ਕਿਉਂਕਿ ਅਧਿਕਾਰੀ ਅਤੇ ਕਰਮਚਾਰੀ ਜਿੱਥੇ ਤਾਇਨਾਤ ਹਨ ਅਤੇ ਉਥੋਂ ਦੇ ਇਲਾਕੇ ਦੀਆਂ ਬਿਜਲੀ ਤਕਲੀਫ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਸ ਕਰਕੇ ਉਨ੍ਹਾਂ ਦੇ ਤਬਾਦਲੇ ਰੋਕੇ ਗਏ ਹਨ।