ਪਾਵਰਕੌਮ ਕਾਮਿਆਂ ਵੱਲੋਂ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ
ਜਸਬੀਰ ਸਿੰਘ ਸੱਗੂ
ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੰਤਰੀ ਦੀ ਰਿਹਾਇਸ਼ ਨਿਊ ਅੰਮ੍ਰਿਤਸਰ ਦੇ ਬਾਹਰ ਰੋਸ ਧਰਨਾ ਦਿੱਤਾ। ਮੁਲਾਜ਼ਮਾਂ ਨੇ ਕਿਹਾ ਕਿ ਦੋ ਜੂਨ ਨੂੰ ਬਿਜਲੀ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਕਾਫੀ ਮੰਗਾਂ ’ਤੇ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਨ ਲਈ ਪਾਵਰ ਮੈਨਜਮੈਂਟ ਨੇ 10 ਦਿਨ ਦਾ ਸਮਾਂ ਦਿੱਤਾ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪਾਵਰ ਮੈਨੇਜਮੈਂਟ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਜਿਵੇਂ 13 ਪ੍ਰਤੀਸ਼ਤ ਬਕਾਇਆ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਰੇ ਅੰਦਰ ਨਿੱਜੀਕਰਨ ਦੀ ਲੋਕ ਵਿਰੋਧੀ ਨੀਤੀ ਨੂੰ ਲਾਗੂ ਕਰ ਰਹੀ ਹੈ ਅਤੇ ਪੰਜਾਹ ਹਜ਼ਾਰ ਦੇ ਕਰੀਬ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਨ ਦੀ ਬਜਾਏ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਜਗ੍ਹਾ ਧੱਕੇ ਨਾਲ ਕੇਂਦਰੀ ਸਕੇਲ ਲਾਗੂ ਕੀਤੇ ਜਾ ਰਹੇ ਹਨ।
ਰੋਜ਼ਾਨਾ ਹਾਦਸਿਆਂ ’ਚ ਕਾਮਿਆਂ ਦੀਆਂ ਹੋ ਰਹੀਆਂ ਮੌਤਾਂ ’ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾ ਰਿਹਾ। ਪੈਨਸ਼ਨਰਾਂ ਦੀ ਵਿਕਾਸ ਟੈਕਸ ਦੇ ਨਾਂ ’ਤੇ ਹਰੇਕ ਮਹੀਨੇ ਧੱਕੇ ਨਾਲ 200 ਰੁਪਏ ਦੀ ਕੀਤੀ ਜਾ ਰਹੀ ਕਟੌਤੀ ਬੰਦ ਨਹੀਂ ਕੀਤੀ ਜਾ ਰਹੀ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਬਿਜਲੀ ਕਾਮੇ ਮਜਬੂਰਨ 11 ਅਗਸਤ ਤੋਂ 13 ਅਗਸਤ ਤੱਕ ਸਮੂਹਿਕ ਛੁੱਟੀ ’ਤੇ ਜਾਣਗੇ।