PPCB ਵੱਲੋਂ ਕੂੜਾ ਸਾੜਨ ਦੀ ਰੋਕਥਾਮ ਲਈ ਜਨਤਕ ਸਹਿਯੋਗ ਮੰਗਿਆ
ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ 13,000 ਤੋਂ ਵੱਧ ਕਰਮਚਾਰੀਆਂ ਨੂੰ ਜਾਗਰੂਕ ਕੀਤਾ
ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਦੇ ਯਤਨ ਵਜੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੇਠਲੇ ਪੱਧਰ 'ਤੇ ਕੰਮ ਕਰਨ ਵਾਲੇ ਕਰਮਚਾਰੀ ਵਰਗ ਨੂੰ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ ।
ਭਾਰਤ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ULBs) ਦੇ 13,000 ਤੋਂ ਵੱਧ ਕੂੜਾ ਅਤੇ ਬਾਗਬਾਨੀ ਕਰਮਚਾਰੀਆਂ ਨੂੰ ਸਿਖਲਾਈ ਦੇ ਕੇ ਇੱਕ ਵਿਸ਼ਾਲ ਰਾਜ-ਵਿਆਪੀ ਜਾਗਰੂਕਤਾ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ।
ਇਹ ਸਿਖਲਾਈ ਨਵੰਬਰ 2025 ਵਿੱਚ ਪਟਿਆਲਾ ਵਿਖੇ 'ਮਿਸ਼ਨ ਕਲੀਨ ਏਅਰ ਪਟਿਆਲਾ' ਮੁਹਿੰਮ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਉਦਘਾਟਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸਕੱਤਰ ਲਵਨੀਤ ਦੂਬੇ ਅਤੇ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਕੀਤਾ ਸੀ।
ਉਦੋਂ ਤੋਂ ਲੈ ਕੇ 216 ਬੈਚਾਂ ਵਿੱਚ ਪੰਜਾਬ ਦੀਆਂ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਦੇ 13,023 ਕੂੜਾ ਅਤੇ ਬਾਗਬਾਨੀ ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਹ ਪ੍ਰੋਗਰਾਮ ਵਿਗਿਆਨਕ ਤਰੀਕੇ ਨਾਲ ਕੂੜੇ ਨੂੰ ਸੰਭਾਲਣ, ਸਰੋਤ 'ਤੇ ਕੂੜੇ ਨੂੰ ਵੱਖ-ਵੱਖ ਕਰਨ, ਖੁੱਲ੍ਹੇ ਵਿੱਚ ਕੂੜਾ ਸਾੜਨ ਦੀ ਰੋਕਥਾਮ ਅਤੇ ਕੁਸ਼ਲ ਨਿਪਟਾਰੇ ਦੇ ਅਭਿਆਸਾਂ 'ਤੇ ਕੇਂਦਰਿਤ ਸੀ
ਠੋਸ ਕੂੜੇ ਦਾ ਗਲਤ ਪ੍ਰਬੰਧਨ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਦਾ ਇੱਕ ਵੱਡਾ ਕਾਰਨ ਬਣਿਆ ਹੋਇਆ ਹੈ। ਅਗਲੀ ਕਤਾਰ ਦੇ ਸਫਾਈ ਕਰਮਚਾਰੀਆਂ ਨੂੰ ਗਿਆਨ ਅਤੇ ਵਿਹਾਰਕ ਸਾਧਨਾਂ ਨਾਲ ਲੈਸ ਕਰਕੇ ਪੀ.ਪੀ.ਸੀ.ਬੀ. ਦਾ ਉਦੇਸ਼ ਸਰੋਤ 'ਤੇ ਹੀ ਪ੍ਰਦੂਸ਼ਣ ਨੂੰ ਹੱਲ ਕਰਨਾ ਅਤੇ ਸ਼ਹਿਰੀ ਵਾਤਾਵਰਣ ਪ੍ਰਬੰਧਨ ਨੂੰ ਮਜ਼ਬੂਤ ਕਰਨਾ ਹੈ।
ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ, 'ਪੰਜਾਬ ਵਿੱਚ ਹਵਾ ਦੀ ਗੁਣਵੱਤਾ ਦੇ ਕਈ ਅਧਿਐਨਾਂ ਨੇ ਨਗਰ ਨਿਗਮ ਦੇ ਠੋਸ ਕੂੜੇ ਨੂੰ ਖੁੱਲ੍ਹੇ ਵਿੱਚ ਸਾੜਨ ਨੂੰ ਹਵਾ ਪ੍ਰਦੂਸ਼ਣ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਕਾਰਕ ਵਜੋਂ ਪਛਾਣਿਆ ਹੈ। ਰਾਜ ਪ੍ਰਦੂਸ਼ਣ ਰੋਕਥਾਮ ਬੋਰਡ ਦੁਆਰਾ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਕੂੜਾ ਕਰਮਚਾਰੀਆਂ ਨੂੰ ਸਾਡੇ ਵਾਤਾਵਰਣ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਵਜੋਂ ਮਾਨਤਾ ਦਿੰਦੀ ਹੈ। ਸਜ਼ਾਯੋਗ ਕਾਰਵਾਈਆਂ ਕਰਨ ਦੀ ਬਜਾਏ ਉਨ੍ਹਾਂ ਨੂੰ ਸ਼ਕਤੀ ਪ੍ਰਦਾਨ ਕਰਕੇ, ਅਸੀਂ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਪ੍ਰਣਾਲੀ ਵਿੱਚ ਆਪਣੇ ਮੂਹਰਲੀ ਕਤਾਰ ਦੇ ਕਰਮਚਾਰੀਆਂ ਦੀ ਸਰਗਰਮ ਸ਼ਮੂਲੀਅਤ ਲੈ ਰਹੇ ਹਾਂ।'

