ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 27 ਜੁਲਾਈ
ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਖਮਾਣੋਂ ਵੱਲੋਂ ਪਿੰਡ ਰਾਏਪੁਰ ਰਾਈਆਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਤਾ ਕੈਂਪ ਲਾਇਆ ਗਿਆ ਜਿਸ ਵਿੱਚ ਪਿੰਡ ਰਾਮਗੜ੍ਹ ਤੇ ਸ਼ਮਸਪੁਰ ਦੇ ਵਾਸੀਆਂ ਨੇ ਭਾਗ ਲਿਆ। ਕੈਂਪ ਵਿੱਚ ਸੀਡੀਪੀਓ ਖਮਾਣੋਂ ਊਸ਼ਾ ਰਾਣੀ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਐੱਸਐੱਮਓ ਖਮਾਣੋਂ ਡਾ. ਨਰੇਸ਼ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਜਿਥੇ ਨਸ਼ਾ ਛੁਡਾਓ ਕੇਂਦਰ ਚਲਾਏ ਜਾ ਰਹੇ ਹਨ ਅਤੇ ਨਸ਼ਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਇਸ ਲਾਹਣਤ ਤੋਂ ਬਚਾਉਣ ਲਈ ਓਟ ਕਲੀਨਿਕਾਂ ਵਿੱਚ ਮੁਫਤ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦਾ ਖਾਤਮੇ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀ ਕਰਨਜੀਤ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ।
ਤੰਬਾਕੂ ਵਿਰੋਧੀ ਜਾਗਰੂਕਤਾ ਸੈਮੀਨਾਰ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿੱਚ ਤੰਬਾਕੂ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਭਾਰਤ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਤੰਬਾਕੂ ਦਾ ਉਤਪਾਦਕ ਅਤੇ ਇਸ ਦੀ ਵਰਤੋਂ ਕਰਨ ਵਾਲਾ ਦੇਸ਼ ਹੈ। ਦੇਸ਼ ’ਚ ਹਰ ਸਾਲ 10 ਲੱਖ ਲੋਕ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮੌਤ ਦਾ ਸ਼ਿਕਾਰ ਬਣਦੇ ਹਨ। ਉਨ੍ਹਾਂ ਕਿਹਾ ਕਿ ਸਿਗਰਟ ਵਿਚ ਨਿਕੋਟੀਨ ਸਮੇਤ ਚਾਰ ਹਜ਼ਾਰ ਕਿਸਮ ਦੇ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ ਜਿਹੜੇ ਕਿ ਕੈਂਸਰ ਦਾ ਕਾਰਨ ਬਣਦੇ ਹਨ। ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਨੇ ਸਿਗਰਟ, ਬੀੜੀ ਜਾਂ ਹੁੱਕਾ ਨਾ ਪੀਣ ਵਾਲੇ ਵਿਅਕਤੀਆਂ ਨੂੰ ਸੈਕਿੰਡ ਹੈਂਡ ਸਮੋਕਿੰਗ ਤੋਂ ਹੋਣ ਵਾਲੇ ਕੈਂਸਰ ਅਤੇ ਹੋਰ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਦੇਸ਼ ਭਰ ਵਿਚ ਸਿਗਰਟ ਅਤੇ ਹੋਰ ਤੰਬਾਕੂ ਪ੍ਰੋਡਕਟ ਐਕਟ 2003 ਬਾਰੇ ਜਾਣਕਾਰੀ ਦਿੱਤੀ।