ਦਵਿੰਦਰ ਸਿੰਘ ਭੰਗੂ
ਰਈਆ, 16 ਮਾਰਚ
ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਇਤਿਹਾਸਕ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿੱਚ ਤਿੰਨ ਰੋਜ਼ਾ ਸਮਾਗਮਾਂ ਦੀ ਆਰੰਭਤਾ ਅੱਜ ਪੰਜ ਹਜ਼ਾਰ ਸਹਿਜ ਪਾਠਾਂ ਦੇ ਭੋਗ ਨਾਲ ਹੋਈ। ਇਸ ਦੌਰਾਨ ਬੀਤੇ ਮਹੀਨੇ ਤੋਂ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਵੀ ਸਮਾਪਤੀ ਕੀਤੀ ਗਈ।
ਅੱਜ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਬਾਣੀ ਪਾਠ ਬੋਧ ਸਮਾਗਮ ਦੌਰਾਨ ਸੰਥਿਆ ਅਤੇ ਸੰਪੂਰਨ ਸਹਿਜ-ਪਾਠ ਕਰਨ ਵਾਲੀ ਸੰਗਤ ਨੂੰ ਵਧਾਈ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਗੁਰੂ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਪੱਧਰ ਦਾ ਸਮਾਗਮ ਅੰਮ੍ਰਿਤਸਰ ਵਿੱਚ ਹੋਵੇਗਾ, ਜਿਸ ਤੋਂ ਪਹਿਲਾਂ ਪੂਰੇ ਦੇਸ਼ ਵਿੱਚ ਵੱਖ-ਵੱਖ ਥਾਈਂ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਹੀ ਬਾਬਾ ਬਕਾਲਾ ਸਾਹਿਬ ਵਿੱਚ ਭਲਕੇ 17 ਮਾਰਚ ਨੂੰ ਮਾਤਾ ਗੁਜਰੀ ਇਸਤਰੀ ਗੁਰਮਤਿ ਸਮਾਗਮ ਅਤੇ 18 ਮਾਰਚ ਨੂੰ ਮੁੱਖ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੋਈਏ। ਸਮਾਗਮ ਦੌਰਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਇਕ ਮਹੀਨਾ ਸੰਥਿਆ ਪ੍ਰਾਪਤ ਕਰਨ ਵਾਲੀ ਸੰਗਤ ਦਾ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਭਾਈ ਰਾਮ ਸਿੰਘ, ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਜਪਾਲ ਸਿੰਘ ਹਾਜ਼ਰ ਸਨ।