ਪੱਤਰ ਪ੍ਰੇਰਕ
ਸ਼ਾਹਕੋਟ, 16 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਪ੍ਰਕਾਸ਼ ਪਵਿੱਤਰ ਕਾਲੀ ਵੇਈਂ ਨਿਰਮਲ ਕੁਟੀਆ ਪਹੁੰਚਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਸਵੇਰੇ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਪਿੰਡ ਮਾਲਾ, ਸੋਹਲ ਖ਼ਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫ਼ੌਜੀ ਕਲੋਨੀ, ਝੱਲ ਲੇਈਵਾਲ ਅਤੇ ਰਣਧੀਰਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਪਵਿੱਤਰ ਵੇਈਂ ਦੇ ਕੰਢੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚਿਆ।
ਨਗਰ ਕੀਰਤਨ ਵਿੱਚ ਜਿੱਥੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਸੀ, ਉੱਥੇ ਹੀ ਵਾਤਾਵਰਨ ਨੂੰ ਬਚਾਉਣ ਲਈ ਤੇ ਹਵਾ, ਪਾਣੀ ਤੇ ਧਰਤੀ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ ਜਾ ਰਿਹਾ ਸੀ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਤੇ ਕੁਦਰਤ ਨਾਲ ਇਕਮਿਕ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੇ ਸਿਧਾਂਤ ਨੂੰ ਮੰਨਣ ਵਾਲੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ। ਉਨ੍ਹਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ। ਵਾਤਾਵਰਨ ਪੱਖੋਂ ਪੰਜਾਬ ਬੜੇ ਨਾਜ਼ੁਕ ਦੌਰ ਵਿੱਚੋਂ ਨਿਕਲ ਰਿਹਾ ਹੈ ਅਤੇ ਇਸ ਦੇ ਪਾਣੀ ਗੰਦੇ ਤੇ ਜ਼ਹਿਰੀਲੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਲੰਗਰ ਲਾਏ ਗਏ। ਸੰਤ ਅਵਤਾਰ ਸਿੰਘ ਗਤਕਾ ਅਖਾੜਾ ਸੀਚੇਵਾਲ ਟੀਮ ਦੀ ਕੋਚ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਬੱਚਿਆਂ ਨੇ ਗਤਕੇ ਦੇ ਜੌਹਰ ਦਿਖਾਏ।