ਪ੍ਰਕਾਸ਼ ਪੁਰਬ: ਸਿਆਸੀ ਪਾਰਟੀਆਂ ਵੱਲੋਂ ਕੇਂਦਰ ਨੂੰ ਜਥੇ ਭੇਜਣ ਸਬੰਧੀ ਅਪੀਲ
ਖੇਤਰੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦਿੱਤੀ ਜਾਵੇ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅੰਡਰ ਸੈਕਟਰੀ ਵੱਲੋਂ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਉੱਤਰਾਖੰਡ, ਦਿੱਲੀ ਆਦਿ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਨੂੰ ਇੱਕ ਪੱਤਰ ਭੇਜ ਕੇ ਆਖਿਆ ਗਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਮੌਜੂਦਾ ਹਾਲਾਤ ਅਤੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣਾ ਸੰਭਵ ਨਹੀਂ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਮਗਰੋਂ ਸਿਆਸੀ ਪਾਰਟੀਆਂ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਤੇ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕ੍ਰਿਕਟ ਮੈਚ ਦਾ ਹਵਾਲਾ ਦਿੰਦਿਆਂ, ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਸ ਐਡਵਾਈਜ਼ਰੀ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ। ਨਵੇਂ ਗਠਤ ਕੀਤੇ ਗਏ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ ਹੈ। ਜੇ ਭਾਰਤ ਤੇ ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ’ਤੇ ਪਾਬੰਦੀ ਕਿਉਂ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜੰਗ ਦੀ ਆੜ ਵਿੱਚ ਕਰਤਾਰਪੁਰ ਕੋਰੀਡੋਰ ਨਾ ਖੋਲ੍ਹਣਾ ਭਾਰਤ ਸਰਕਾਰ ਦੀ ਸਿੱਖਾਂ ਖ਼ਿਲਾਫ਼ ਬੇਈਮਾਨੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਈਆਂ ਤਿੰਨ ਜੰਗਾਂ ਦੌਰਾਨ ਵੀ ਯਾਤਰਾ ਰੋਕੀ ਨਹੀਂ ਸੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਦੇ ਮਾਮਲੇ ਵਿੱਚ ਏਜੰਸੀਆਂ ਸਰਕਾਰ ਨੂੰ ਗੁਮਰਾਹ ਕਰ ਰਹੀਆਂ ਹਨ।
ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਯਾਤਰਾ ’ਤੇ ਲਾਈ ਰੋਕ ’ਤੇ ਮੁੜ ਵਿਚਾਰ ਹੋਵੇ: ਸੁਖਬੀਰ
ਚੰਡੀਗੜ੍ਹ (ਆਤਿਸ਼ ਗੁਪਤਾ): ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥਿਆਂ ਨੂੰ ਪ੍ਰਵਾਨਗੀ ਨਾ ਦੇਣ ’ਤੇ ਸਿੱਖਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਨਵੰਬਰ ਮਹੀਨੇ ’ਚ ਪਾਕਿਸਤਾਨ ਜਾਣ ਵਾਲੇ ਜਥਿਆਂ ਦੀਆਂ ਅਰਜ਼ੀਆਂ ਪ੍ਰਵਾਨ ਨਾ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਮੁੜ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਹਰ ਸਾਲ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦੇ ਹਨ। ਸ੍ਰੀ ਬਾਦਲ ਨੇ ਕਿਹਾ ਕਿ ਇਹ ਰੋਕ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੇਗੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਦੋਵਾਂ ਮੁਲਕਾਂ ਦਰਮਿਆਨ ਕ੍ਰਿਕਟ ਮੈਚ ਸ਼ੁਰੂ ਹੋ ਗਏ ਹਨ ਤਾਂ ਸਿੱਖਾਂ ਨੂੰ ਪਾਕਿਸਤਾਨ ਵਿੱਚ ਉਨ੍ਹਾਂ ਦੇ ਪਵਿੱਤਰ ਅਸਥਾਨਾਂ ’ਤੇ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਕਰਤਾਰਪੁਰ ਲਾਂਘਾ ਵੀ ਮੁੜ ਖੋਲ੍ਹਿਆ ਜਾਵੇ।