ਪ੍ਰਕਾਸ਼ ਪੁਰਬ: ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਪਹਿਲਾਂ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ
ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਖਾਲਸਾ ਕਾਲਜ ਦੀ ਪ੍ਰਬੰਧਕੀ ਕਮੇਟੀ ਗਵਰਨਿੰਗ ਕੌਂਸਲ ਵੱਲੋਂ ਨਗਰ ਕੀਰਤਨ ਸਜਾਇਆ ਗਿਆ, ਜੋ ਹਰਿਮੰਦਰ ਸਾਹਿਬ ਤੱਕ ਪੁੱਜਿਆ। ਸ਼੍ਰੋਮਣੀ ਕਮੇਟੀ ਵਲੋਂ ਸਜਾਇਆ ਨਗਰ ਕੀਰਤਨ ਅਕਾਲ ਤਖ਼ਤ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਹਰਿਮੰਦਰ ਸਾਹਿਬ ਸਮੂਹ ਪੁੱਜ ਕੇ ਸਮਾਪਤ ਹੋਇਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰਮਤਿ ਸਮਾਗਮ ਤੋਂ ਇਲਾਵਾ ਸਵੇਰੇ ਸੁੰਦਰ ਜਲੌਅ ਸਜਾਏ ਜਾਣਗੇ, ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ। ਨਗਰ ਕੀਰਤਨ ਦੌਰਾਨ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਜਸਪਾਲ ਸਿੰਘ ਢੱਡੇ, ਇਕਬਾਲ ਸਿੰਘ ਮੁਖੀ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੰਸਾਰ ਦੇ ਸਰਬ ਸਾਂਝੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ।
ਸਪੀਕਰ ਤੇ ਕੈਬਨਿਟ ਮੰਤਰੀਆਂ ਵੱਲੋਂ ਪ੍ਰਕਾਸ਼ ਪੁਰਬ ਦੀ ਵਧਾਈ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਹਰਜੋਤ ਸਿੰਘ ਬੈਂਸ ਅਤੇ ਮੋਹਿੰਦਰ ਭਗਤ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ, ਜੋ ‘ਨਾਮ ਜਪੋ’, ‘ਕਿਰਤ ਕਰੋ’ ਅਤੇ ‘ਵੰਡ ਛਕੋ’ ਦੇ ਮੂਲ ਸਿਧਾਂਤਾਂ ’ਤੇ ਅਧਾਰਤ ਹੈ।
