ਪੱਤਰ ਪ੍ਰੇਰਕ
ਬਨੂੜ, 17 ਅਗਸਤ
ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਦੁਬਾਰਾ ਪਟਿਆਲਾ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਇਹ ਸਮਾਂ ਆਉਣ ’ਤੇ ਤੈਅ ਹੋਵੇਗਾ ਕਿ ਉਹ ਕਿਹੜੀ ਪਾਰਟੀ ਵੱਲੋਂ ਚੋਣ ਲੜਨਗੇ। ਉਹ ਅੱਜ ਦੁਪਹਿਰ ਵੇਲੇ ਬਨੂੜ ਦੇ ਵਾਰਡ ਨੰਬਰ-11 ਦੀ ਮੀਰਾਂ ਸ਼ਾਹ ਕਲੋਨੀ ਵਿੱਚ ਪਿਛਲੇ ਦਿਨੀਂ ਊਨਾ ਨੇੜੇ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਮਾਰੇ ਗਏ ਸੱਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਮਗਰੋਂ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਇਸ ਦੌਰਾਨ ਲੋਕ ਸਭਾ ਮੈਂਬਰ ਨੇ ਕਿਹਾ ਕਿ ਉਹ ਹਾਲੇ ਕਾਂਗਰਸ ਪਾਰਟੀ ਵਿੱਚ ਹਨ ਅਤੇ ਪਾਰਟੀ ਲਈ ਹੀ ਕੰਮ ਕਰ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜ ਮਹੀਨਿਆਂ ਦੀ ਕਾਰਗੁਜ਼ਾਰੀ ਨੂੰ ‘ਜ਼ੀਰੋ’ ਆਖਿਆ।
ਇਸ ਮੌਕੇ ਪ੍ਰਨੀਤ ਕੌਰ ਨੇ ਦੁਖੀ ਪਰਿਵਾਰਾਂ ਨੂੰ ਹੌਸਲਾ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਿਮਾਚਲ ਪ੍ਰਦੇਸ਼ ਦੀ ਤਰਜ਼ ’ਤੇ ਮ੍ਰਿਤਕ ਪਰਿਵਾਰਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਹਰੇਕ ਪਰਿਵਾਰ ਦੇ ਇੱਕ-ਇੱਕ ਜੀਅ ਲਈ ਸਰਕਾਰੀ ਨੌਕਰੀ ਦੀ ਮੰਗ ਵੀ ਕੀਤੀ। ਇਸ ਸਬੰਧੀ ਉਨ੍ਹਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਉੱਚ ਅਧਿਕਾਰੀ ਨਾਲ ਮੌਕੇ ਉੱਤੇ ਹੀ ਫੋਨ ’ਤੇ ਗੱਲ ਵੀ ਕੀਤੀ, ਜਿਨ੍ਹਾਂ ਮਾਮਲਾ ਵਿਚਾਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਆਪਣੇ ਪਰਿਵਾਰ ਦੇ ਚਾਰ ਜੀਅ ਗੁਆ ਚੁੱਕੇ ਸੁਰਜੀਤ ਰਾਮ ਦੇ ਘਰ ਦੀਆਂ ਮਹਿਲਾਵਾਂ ਨਾਲ ਵੀ ਦੁਖ ਸਾਂਝਾ ਕੀਤਾ।