ਨਵੀਂ ਦਿੱਲੀ, 26 ਅਪਰੈਲ
ਮੁੱਖ ਅੰਸ਼
- ਕਾਂਗਰਸ ਨੂੰ ਮੇਰੇ ਨਾਲੋਂ ਲੀਡਰਸ਼ਿਪ ਦੀ ਵੱਧ ਲੋੜ: ਕਿਸ਼ੋਰ
- ਸਾਂਝੀ ਇੱਛਾ ਸ਼ਕਤੀ ਨਾਲ ਪਾਰਟੀ ਅੰਦਰਲੀਆਂ ਸਮੱਸਿਆਵਾਂ ਸੁਲਝਾਉਣ ਦਾ ਦਿੱਤਾ ਸੁਝਾਅ
ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਕਾਂਗਰਸ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਠੁਕਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਢਾਂਚਾਗਤ ਸਮੱਸਿਆਵਾਂ ਦੂਰ ਕਰਨ ਲਈ ਉਸ ਨਾਲੋਂ ਜ਼ਿਆਦਾ ਲੀਡਰਸ਼ਿਪ ਤੇ ਸਾਂਝੀ ਇੱਛਾ ਸ਼ਕਤੀ ਦੀ ਵੱਧ ਲੋੜ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024’ ਦਾ ਹਿੱਸਾ ਬਣ ਕੇ ਪਾਰਟੀ ’ਚ ਸ਼ਾਮਲ ਹੋਣ ਤੇ ਆਉਣ ਵਾਲੀਆਂ ਚੋਣਾਂ ਲਈ ਚੋਣ ਰਣਨੀਤੀ ਤਿਆਰ ਕਰਨ ਦੀ ਪੇਸ਼ਕਸ਼ ਕੀਤੀ ਸੀ।ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਿਸ਼ੋਰ ਨੇ ਕਾਂਗਰਸ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਅਤੇ ਪਾਰਟੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਤੇ ਸੁਝਾਵਾਂ ਦੀ ਸ਼ਲਾਘਾ ਕਰਦੀ ਹੈ। ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਆਗੂਆਂ ਸਾਹਮਣੇ ਚੋਣ ਸਬੰਧੀ ਲੰਮੀ-ਚੌੜੀ ਰਣਨੀਤੀ ਪੇਸ਼ ਕੀਤੀ ਸੀ। ਇਸ ਮਗਰੋਂ ਪਾਰਟੀ ਨੇ ਪ੍ਰਸ਼ਾਂਤ ਨੂੰ ਕਾਂਗਰਸ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਸੀ। ਕਾਂਗਰਸ ਦੀ ਟਿੱਪਣੀ ਮਗਰੋਂ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ, ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ ਦਾ ਹਿੱਸਾ ਬਣ ਕੇ ਪਾਰਟੀ ’ਚ ਸ਼ਾਮਲ ਹੋਣ ਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੀ ਕਾਂਗਰਸ ਦੀ ਪੇਸ਼ਕਸ਼ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੇਰੀ ਨਿਮਰਤਾ ਸਹਿਤ ਸਲਾਹ ਹੈ ਕਿ ਮੇਰੇ ਨਾਲੋਂ ਵੱਧ ਪਾਰਟੀ ਨੂੰ ਅਗਵਾਈ ਤੇ ਸਮੂਹਿਕ ਇੱਛਾ ਸ਼ਕਤੀ ਦੀ ਲੋੜ ਹੈ ਤਾਂ ਜੋ ਤਬਦੀਲੀ ਵਾਲੇ ਸੁਧਾਰਾਂ ਰਾਹੀਂ ਪਾਰਟੀ ਅੰਦਰ ਜੜ੍ਹਾਂ ਬਣਾ ਚੁੱਕੀਆਂ ਢਾਂਚਾਗਤ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।’
ਪਿਛਲੇ ਕਈ ਦਿਨਾਂ ਤੋਂ ਕਿਸ਼ੋਰ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਕਾਂਗਰਸ ਅੰਦਰ ਲਗਾਤਾਰ ਵਿਚਾਰ ਚਰਚਾ ਚੱਲ ਰਹੀ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਦੇ ਸੁਝਾਵਾਂ ’ਤੇ ਵਿਚਾਰ ਕਰਨ ਲਈ ਕਾਇਮ ਕੀਤੀ ਕਮੇਟੀ ਦੀ ਰਿਪੋਰਟ ’ਤੇ ਵਿਚਾਰ-ਚਰਚਾ ਤੋਂ ਬਾਅਦ ਬੀਤੇ ਦਿਨ ਫ਼ੈਸਲਾ ਕੀਤਾ ਸੀ ਕਿ ਅਗਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਤੇ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024 ਦਾ ਗਠਨ ਕੀਤਾ ਜਾਵੇਗਾ।
ਸੂਤਰਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਨਾ ਹੋਣ ਦਾ ਕਾਰਨ ਉਨ੍ਹਾਂ ਦੀ ਕੰਪਨੀ ਆਈ-ਪੀਏਸੀ ਵੱਲੋਂ ਤਿਲੰਗਾਨਾ ਵਿਧਾਨ ਸਭਾ ਚੋਣਾਂ ਲਈ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਨਾਲ ਕੀਤਾ ਸਮਝੌਤਾ ਸੀ ਅਤੇ ਇਸ ਨੂੰ ਕਾਂਗਰਸ ਲੀਡਰਸ਼ਿਪ ਨੇ ਹਿੱਤਾਂ ਦੇ ਟਕਰਾਉ ਵਜੋਂ ਦੇਖਿਆ ਸੀ।
ਜ਼ਿਕਰਯੋਗ ਹੈ ਕਿ ਕਾਂਗਰਸ ਲੀਡਰਸ਼ਿਪ ਸਾਹਮਣੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਦਿੱਤੀ ਪੇਸ਼ਕਾਰੀ ਦੌਰਾਨ ਕਿਸ਼ੋਰ ਨੇ ਸੁਝਾਅ ਦਿੱਤਾ ਸੀ ਕਿ ਉੱਤਰ ਪ੍ਰਦੇਸ਼, ਬਿਹਾਰ ਤੇ ਉੜੀਸਾ ਵਰਗੇ ਕੁਝ ਰਾਜਾਂ ’ਚ ਕਾਂਗਰਸ ਨੂੰ ਨਵੇਂ ਸਿਰੇ ਤੋਂ ਆਪਣੀ ਰਣਨੀਤੀ ਬਣਾਉਣੀ ਚਾਹੀਦੀ ਹੈ ਤੇ ਇਨ੍ਹਾਂ ਰਾਜਾਂ ’ਚ ਗੱਠਜੋੜ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਨੂੰ ਤਕਰੀਬਨ 370 ਲੋਕ ਸਭਾ ਸੀਟਾਂ ’ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਮਹਾਰਾਸ਼ਟਰ, ਪੱਛਮੀ ਬੰਗਾਲ ਤੇ ਤਾਮਿਲ ਨਾਡੂ ’ਚ ਗੱਠਜੋੜ ਨਾਲ ਚੋਣ ਮੈਦਾਨ ’ਚ ਉੱਤਰਨਾ ਚਾਹੀਦਾ ਹੈ। -ਪੀਟੀਆਈ
ਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਦੀ ਮਿਲਣੀ ਤੋਂ ਨਵੇਂ ਚਰਚੇ ਛਿੜੇ
ਚੰਡੀਗੜ੍ਹ (ਚਰਨਜੀਤ ਭੁੱਲਰ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਅੱਜ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮਿਲਣੀ ਤੋਂ ਨਵੇਂ ਚਰਚੇ ਛਿੜ ਗਏ ਹਨ। ਨਵਜੋਤ ਸਿੱਧੂ ਨੇ ਦਿੱਲੀ ਵਿਚ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਹੈ। ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਮਗਰੋਂ ਨਵਜੋਤ ਸਿੱਧੂ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਇੱਕ ਸੈਲਫੀ ਸਾਹਮਣੇ ਆਈ ਹੈ। ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਆਪਣੀ ਤਸਵੀਰ ਟਵਿੱਟਰ ’ਤੇ ਸਾਂਝੀ ਕੀਤੀ ਹੈ। ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ‘ਪੁਰਾਣੇ ਦੋਸਤ ਪੀਕੇ ਨਾਲ ਮੁਲਾਕਾਤ ਹੋਈ.. ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਅੱਛੇ ਹੁੰਦੇ ਹਨ|’ ਸਿਆਸੀ ਹਲਕੇ ਪ੍ਰਸ਼ਾਂਤ ਕਿਸ਼ੋਰ ਤੇ ਨਵਜੋਤ ਸਿੱਧੂ ਦੀ ਮਿਲਣੀ ਨੂੰ ਰਾਜਸੀ ਨਜ਼ਰੀਏ ਤੋਂ ਦੇਖ ਰਹੇ ਹਨ| ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨਾਲ ਨਜਵੋਤ ਸਿੱਧੂ ਦੇ ਸੁਰ ਅਜੇ ਤੱਕ ਪੂਰੀ ਤਰ੍ਹਾਂ ਮਿਲ ਨਹੀਂ ਸਕੇ ਹਨ| ਹਾਈਕਮਾਨ ਵੱਲੋਂ ਪ੍ਰਧਾਨ ਬਦਲਣ ਦੇ ਬਾਵਜੂਦ ਅਜੇ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਪੂਰੀ ਤਰ੍ਹਾਂ ਮੁੱਕੀ ਨਹੀਂ ਜਾਪਦੀ| ਜਦ ਤੋਂ ਰਾਜਾ ਵੜਿੰਗ ਪ੍ਰਧਾਨ ਬਣੇ ਹਨ, ਨਵਜੋਤ ਸਿੱਧੂ ਨੇ ਆਪਣੇ ਪੱਧਰ ’ਤੇ ਵੱਖਰੀ ਲਾਮਬੰਦੀ ਸ਼ੁਰੂ ਕੀਤੀ ਹੋਈ ਹੈ| ਉਨ੍ਹਾਂ ਨਾਲ ਆਮ ਤੌਰ ’ਤੇ ਅਸ਼ਵਨੀ ਸੇਖੜੀ, ਸੁਰਜੀਤ ਧੀਮਾਨ ਅਤੇ ਨਵਤੇਜ ਚੀਮਾ ਹੀ ਦੇਖੇ ਜਾਂਦੇ ਹਨ| ਨਵਜੋਤ ਸਿੱਧੂ ਨੇ ਰਾਜਾ ਵੜਿੰਗ ਦੇ ਅਹੁਦਾ ਸੰਭਾਲ ਸਮਾਗਮ ਦੀ ਸਟੇਜ ਤੋਂ ਵੀ ਦੂਰੀ ਬਣਾਈ ਰੱਖੀ ਅਤੇ ਕਿਸੇ ਜਨਤਕ ਸਮਾਗਮ ਵਿਚ ਵੀ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਹਾਲੇ ਤੱਕ ਇਕੱਠੇ ਨਜ਼ਰ ਨਹੀਂ ਆਏ ਹਨ| ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਸੋਮਵਾਰ ਰਾਜਪੁਰਾ ਥਰਮਲ ਅੱਗੇ ਧਰਨਾ ਦਿੱਤਾ ਸੀ| ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਵਾਂ ਅਹੁਦਾ ਸੰਭਾਲਣ ਮਗਰੋਂ ਫ਼ਿਲਹਾਲ ਕਿਸੇ ਕਲੇਸ਼ ਵਿਚ ਪੈਂਦੇ ਨਹੀਂ ਜਾਪ ਰਹੇ| ਉਹ ਪਾਰਟੀ ਦੇ ਅੰਦਰੂਨੀ ਮਸਲਿਆਂ ਬਾਰੇ ਬੋਲਣ ਤੋਂ ਫ਼ਿਲਹਾਲ ਗੁਰੇਜ਼ ਕਰ ਰਹੇ ਹਨ|