ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 15 ਜੂਨ
ਹਲਕਾ ਆਨੰਦਪੁਰ ਸਾਹਿਬ ਦੀਆਂ ਸੰਗਤਾਂ ਵੱਲੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਦੀ ਰਹਿਨੁਮਾਈ ਹੇਠ ਦਿੱਲੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਪੰਜ ਸੌ ਦੇ ਕਰੀਬ ਕਿਸਾਨਾਂ ਮਜ਼ਦੂਰਾਂ ਲਈ ਅਰਦਾਸ ਕੀਤੀ ਗਈ ਅਤੇ ਸੰਯੁਕਤ ਮੋਰਚੇ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਅਰਦਾਸ ਦੀ ਸੇਵਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹੋਏ ਹਨ ਤੇ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜ ਸੌ ਦੇ ਕਰੀਬ ਕਿਸਾਨ ਮਜ਼ਦੂਰ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਕਿਸਾਨੀ ਤਾਂ ਪਹਿਲਾਂ ਹੀ ਵੱਡੇ ਘਾਟੇ ਵਿੱਚ ਜਾ ਰਹੀ ਹੈ ਤੇ ਦਿਨੋਂ ਦਿਨ ਵਧਦੀ ਮਹਿੰਗਾਈ ਤੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਛੋਹ ਰਹੀਆਂ ਹਨ। ਮਹਿੰਗਾਈ ਪੂਰੇ ਸਿਖਰ ਤੇ ਹੈ ਤੇ ਗ਼ਰੀਬ ਕਿਸਾਨ ਮਜ਼ਦੂਰ ਨੂੰ ਦੋ ਡੰਗ ਦੀ ਰੋਟੀ ਚਲਾਉਣੀ ਵੀ ਮੁਸ਼ਕਲ ਹੋ ਚੁੱਕੀ ਹੈ। ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦਾ ਵਤੀਰਾ ਅਤਿ ਨਿੰਦਣਯੋਗ ਹੈ।