ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਨਵੰਬਰ
ਹਵਾਰਾ ਕਮੇਟੀ ਦੇ ਮੈਂਬਰਾਂ ਤੇ ਪੰਜ ਪਿਆਰਿਆਂ ਸਮੇਤ ਹੋਰ ਸਿੱਖ ਆਗੂਆਂ ਨੇ ਅੱਜ ਗਵਾਲੀਅਰ ਦੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਲਈ ਅਰਦਾਸ ਕੀਤੀ। ਬੀਤੇ ਦਿਨੀਂ ਇਨ੍ਹਾਂ ਸਿੱਖਾਂ ਦਾ ਇਕ ਜਥਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਲਈ ਗਵਾਲੀਅਰ ਲਈ ਰਵਾਨਾ ਹੋਇਆ ਸੀ, ਜਿਸ ਵਿਚ ਹਵਾਰਾ ਕਮੇਟੀ ਦੇ ਮੈਂਬਰ, ਸਾਬਕਾ ਪੰਜ ਪਿਆਰੇ, ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਤੇ ਅਕਾਲ ਯੂਥ ਦੇ ਨੁਮਾਇੰਦੇ ਸ਼ਾਮਲ ਸਨ।
ਅੱਜ ਜਿੱਥੇ ਇਨ੍ਹਾਂ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ, ਉਥੇ ਹੀ ਸੁਖਮਨੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਮਗਰੋਂ ਪੰਜ ਪਿਆਰਿਆਂ ’ਚੋਂ ਭਾਈ ਸਤਨਾਮ ਸਿੰਘ ਖੰਡਾ ਨੇ ਅਰਦਾਸ ਕੀਤੀ। ਅਰਦਾਸ ਦੌਰਾਨ ਉਨ੍ਹਾਂ ਕਿਹਾ ਕਿ ਜਿਵੇਂ ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਦੀ ਜੇਲ੍ਹ ਵਿੱਚੋਂ 52 ਰਾਜਿਆਂ ਨੂੰ ਮੁਕਤ ਕਰਾਇਆ ਸੀ, ਉਸੇ ਤਰ੍ਹਾਂ ਸਿੱਖ ਬੰਦੀਆਂ ਨੂੰ ਮੌਜੂਦਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਤੋਂ ਮੁਕਤੀ ਬਖਸ਼ੀ ਜਾਵੇ। ਇਸ ਦੌਰਾਨ ਹਵਾਰਾ ਕਮੇਟੀ ਦੇ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਾਰੇ ਬੰਦੀ ਸਿੱਖਾਂ ਨੇ ਸੱਚ ’ਤੇ ਪਹਿਰਾ ਦਿੰਦੇ ਹੋਏ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਇਆ ਹੈ। ‘ਵੰਗਾਰ’ ਮੈਗਜ਼ੀਨ ਦੇ ਸੰਪਾਦਕ ਬਲਜੀਤ ਸਿੰਘ ਖਾਲਸਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਭਵਿੱਖ ਵਿਚ ਸਾਂਝੇ ਯਤਨ ਕਰਨ ’ਤੇ ਜ਼ੋਰ ਦਿੱਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਬਾਬਾ ਲੱਖਾ ਸਿੰਘ ਨੇ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਭਾਈ ਤਰਸੇਮ ਸਿੰਘ, ਭਾਈ ਦਲਬੀਰ ਸਿੰਘ, ਹਵਾਰਾ ਕਮੇਟੀ ਦੇ ਮੈਂਬਰ ਬਾਪੂ ਗੁਰਚਰਨ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਤੋਂ ਇਲਾਵਾ ਬਲਜੀਤ ਸਿੰਘ ਖਾਲਸਾ, ਬੀਬੀ ਸੰਦੀਪ ਕੌਰ ਅਤੇ ਜਸਵਿੰਦਰ ਸਿੰਘ ਰਾਜਪੁਰਾ ਨੂੰ ਸਿਰੋਪੇ ਭੇਟ ਕੀਤੇ ਗਏ।