ਸੰਨ 1947 ਦੀ ਭਾਰਤ-ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ’ਤੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਕੀਤਾ ਹੋਇਆ। ਸਮਾਗਮ ਦੌਰਾਨ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸੰਨ 1947 ਵਿੱਚ ਦੇਸ਼ ਵੰਡ ਸਮੇਂ ਜਿੱਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉੱਥੇ ਹੀ ਲੋਕਾਂ ਨੂੰ ਆਪਣੀ ਜ਼ਮੀਨ-ਜਾਇਦਾਦ ਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਸਮੇਂ ਸਿੱਖ ਕੌਮ ਨੂੰ ਆਪਣੇ ਪਾਵਨ ਗੁਰਧਾਮਾਂ ਤੋਂ ਵੀ ਵਿਛੜਨ ਲਈ ਮਜਬੂਰ ਹੋਣਾ ਪਿਆ।
ਇਸ ਤੋਂ ਪਹਿਲਾਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿੱਚ ਰਹਿਣ ਵਾਲੇ ਸਮੂਹ ਪੰਜਾਬੀ ਸਿੱਖ, ਹਿੰਦੂ ਅਤੇ ਮੁਸਲਮਾਨ ਅਗਸਤ 1947 ਨੂੰ ਪੰਜਾਬ ਦੇ ਉਜਾੜੇ ਦਾ ਸਮਾਂ ਮੰਨਦੇ ਹਨ।
ਜਥੇਦਾਰ ਗੜਗੱਜ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ
ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਆਈ ਕੁੜੱਤਣ ਮਗਰੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਦਿਵਸ ਤੋਂ ਪਹਿਲਾਂ ਜੇ ਇਹ ਲਾਂਘਾ ਖੁੱਲ੍ਹ ਜਾਵੇ ਤਾਂ ਸੰਗਤ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਸਕੇਗੀ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਲਾਂਘਾ ਜਲਦ ਖੋਲ੍ਹਣ ਦੀ ਅਪੀਲ ਕੀਤੀ।