ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਮਾਰਚ
ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਯੂਕਰੇਨ ’ਚ ਪੜ੍ਹਨ ਗਏ ਬੱਚਿਆਂ ਦੇ ਪਰਿਵਾਰਕ ਮੈਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿੱਤਾ ਹੈ। ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਦੇ ਪਹਿਲੇ ਸਾਲ ਦੀ ਵਿਦਿਆਰਥਣ ਅਭਿਸ਼੍ਰੀ ਮਲਹੋਤਰਾ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਵਿਦਿਆਰਥਣ ਦੀ ਸੁਰੱਖਿਅਤ ਘਰ ਵਾਪਸੀ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ। ਉਨ੍ਹਾਂ ਵਿਦਿਆਰਥਣ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਅਤੇ ਉਸ ਨੂੰ ਭਰੋਸਾ ਦਿੱਤਾ ਕਿ ਉਸ ਦੀ ਜਲਦੀ ਹੀ ਸੁਰੱਖਿਅਤ ਘਰ ਵਾਪਸ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉਹ ਉਸ ਨੂੰ ਮਿਲਣ ਆਉਣਗੇ। ਇਸੇ ਦੌਰਾਨ ਪ੍ਰਨੀਤ ਕੌਰ ਨੇ ਇਸੇ ਯੂਨੀਵਰਸਿਟੀ ਵਿਚ ਪੜ੍ਹਦੀ ਵਿਦਿਆਰਥਣ ਹਰਸ਼ਿਤਾ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।