ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਅਪਰੈਲ
ਕੌਮਾਂਤਰੀ ਸਰਹੱਦ ਨੇੜਲੇ ਪਿੰਡ ਛਿੱਡਣ ਵਿੱਚ ਬਣਨ ਵਾਲੇ ਬਾਗ਼ਬਾਨੀ ਖੋਜ ਤੇ ਅਧਿਐਨ ਕੇਂਦਰ ਪੀਜੀਆਈ ਹੌਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਸਬੰਧੀ ਵੱਖ ਵੱਖ ਪ੍ਰਭਾਵਾਂ ਬਾਰੇ ਇਕ ਰਿਪੋਰਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਹੈ, ਜਿਸ ਨੂੰ ਅੱਜ ਬਾਗ਼ਬਾਨੀ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ। ਇਸ ਰਿਪੋਰਟ ਤੋਂ ਬਾਅਦ ਕੇਂਦਰ ਵਾਸਤੇ ਜ਼ਮੀਨ ਗ੍ਰਹਿਣ ਕਰਨ ਦੀ ਕਾਰਵਾਈ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਬਣ ਗਈ ਹੈ।
ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਆਖਿਆ ਕਿ ਇਸ ਕੇਂਦਰ ਦੇ ਹੋਂਦ ਵਿੱਚ ਆਉਣ ਨਾਲ ਜਿੱਥੇ ਪੰਜਾਬ ਦੀ ਖੇਤੀਬਾੜੀ ਨੂੰ ਹੁਲਾਰਾ ਮਿਲੇਗਾ, ਉਥੇ ਵਪਾਰ ਨੂੰ ਵੀ ਉਤਸ਼ਾਹਿਤ ਕਰਨ ਵਿੱਚ ਮਦਦ ਮਿਲਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇਸ ਸਬੰਧੀ ਵੱਖ ਵੱਖ ਪ੍ਰਭਾਵਾਂ ਬਾਰੇ ਰਿਪੋਰਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਯੂਨੀਵਰਸਿਟੀ ਨੇ ਇਹ ਅਧਿਐਨ ਰਿਪੋਰਟ ਇਸ ਪ੍ਰਾਜੈਕਟ ਦੇ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ 6 ਵਿਸ਼ਾ ਮਾਹਿਰਾਂ ਦੀ ਮਦਦ ਨਾਲ ਤਿਆਰ ਕੀਤੀ ਹੈ। ਇਹ ਮੁਕੰਮਲ ਰਿਪੋਰਟ ਅੱਜ ਉਪ ਕੁਲਪਤੀ ਨੇ ਪੰਜਾਬ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਿੰਦਰ ਸਿੰਘ ਧੰਜਲ ਨੂੰ ਸੌਂਪ ਦਿੱਤੀ ਹੈ। ਇਹ ਕੇਂਦਰ ਸਥਾਪਤ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਗਿਆ ਸੀ ਅਤੇ ਇਹ ਕੇਂਦਰ ਤੀਹ ਏਕੜ ਰਕਬੇ ਵਿੱਚ ਬਣੇਗਾ। ਉਪ ਕੁਲਪਤੀ ਨੇ ਰਿਪੋਰਟ ਸੌਂਪਣ ਮੌਕੇ ਆਖਿਆ ਕਿ ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਨਵੀਆਂ ਖੋਜਾਂ ਤੇ ਅਜਿਹੀਆਂ ਸਿੱਖਿਆ ਸੰਸਥਾਵਾਂ ਦੀ ਲੋੜ ਹੈ।