ਚਰਨਜੀਤ ਭੁੱਲਰ
ਚੰਡੀਗੜ੍ਹ, 17 ਜੂਨ
ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕਰ ਲਈ ਹੈ, ਜਿਸ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਚੱਪੜਚਿੜੀ ਦੀ ਸਾਂਭ-ਸੰਭਾਲ ਦਾ ਕੰਮ ਵੀ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਤਹਿਤ ਨਿੱਜੀ ਹੱਥਾਂ ਵਿੱਚ ਦਿੱਤਾ ਜਾਵੇਗਾ। ਇਸ ਤਰ੍ਹਾਂ ਸਰਕਾਰ ਵਿਰਾਸਤੀ ਯਾਦਗਾਰਾਂ ਦਾ ਖ਼ੁਦ ਰੱਖ-ਰਖਾਓ ਕਰਨ ਤੋਂ ਭੱਜ ਰਹੀ ਜਾਪਦੀ ਹੈ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਇਹ ਵਿਰਾਸਤੀ ਪ੍ਰਾਜੈਕਟ ਬਣੇ ਸਨ ਜਿਨ੍ਹਾਂ ਦੀ ਸਾਂਭ-ਸੰਭਾਲ ਵਾਸਤੇ ਸ਼ਰਾਬ ’ਤੇ ਸੱਭਿਆਚਾਰਕ ਸੈੱਸ ਵੀ ਲੱਗਾ ਸੀ।
ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫੈਸਲੇ ਲਏ ਗਏ ਹਨ। ਪੀਆਈਡੀਬੀ ਵੱਲੋਂ 12 ਜੂਨ ਨੂੰ ਹੋਈ ਮੀਟਿੰਗ ਦੇ ਫੈਸਲੇ ਜਾਰੀ ਕੀਤੇ ਗਏ ਹਨ। ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ ਦੀ ਉਸਾਰੀ ’ਤੇ 46.02 ਕਰੋੜ ਰੁਪਏ ਖਰਚੇ ਗਏ ਹਨ। ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਇਸ ਵਿਰਾਸਤੀ ਪ੍ਰਾਜੈਕਟ ਦੇ ਰੱਖ-ਰਖਾਓ ਦਾ ਕੰਮ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਤਹਿਤ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ ਜਿਸ ਵਾਸਤੇ ਟੈਂਡਰ ਜਾਰੀ ਕੀਤੇ ਜਾਣੇ ਹਨ। ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਚਲੀ ਜਗ੍ਹਾ ਨੂੰ ਵੀ ਚਾਰ ਤਾਰਾ ਵਿਰਾਸਤੀ ਹੋਟਲ ਵਿੱਚ ਵਿਕਸਤ ਕੀਤਾ ਜਾਣਾ ਹੈ। ਅੰਮ੍ਰਿਤਸਰ ਦੇ ਸਰਕਟ ਹਾਊਸ ਨੂੰ ਪੰਜ ਤਾਰਾ ਦੀ ਥਾਂ ਹੁਣ ਚਾਰ ਤਾਰਾ ਪ੍ਰਾਜੈਕਟ ਵਜੋਂ ਪੀਪੀਪੀ ਮੋਡ ਤਹਿਤ ਵਿਕਸਤ ਕੀਤਾ ਜਾਵੇਗਾ। ਪਠਾਨਕੋਟ-ਡਲਹੌਜ਼ੀ ਰੋਡ ’ਤੇ ਕੌਮਾਂਤਰੀ ਮਿਆਰ ਵਾਲੇ ਸੈਰ-ਸਪਾਟਾ ਕੇਂਦਰ ਨੂੰ ਸਿਧਾਂਤਕ ਤੌਰ ’ਤੇ ਜੰਗਲਾਤ ਵਿਭਾਗ ਤੋਂ ਹਰੀ ਝੰਡੀ ਮਿਲ ਗਈ ਹੈ। ਪਟਿਆਲਾ ਦੇ ਭੁਪਿੰਦਰ ਰੋਡ ’ਤੇ ਸਥਿਤ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਨੂੰ ਵੀ ਵਿਰਾਸਤੀ ਹੋਟਲ ਵਜੋਂ ਵਿਕਸਤ ਕੀਤਾ ਜਾਣਾ ਹੈ। ਲੋਕ ਨਿਰਮਾਣ ਵਿਭਾਗ ਨੂੰ ਅਗਲੀ ਕਾਰਵਾਈ ਵਾਸਤੇ ਹਦਾਇਤ ਕੀਤੀ ਗਈ ਹੈ। ਪੰਜਾਬ ਸਰਕਾਰ ਸ਼ਹਿਰੀ ਵਿਕਾਸ ਲਈ 300 ਕਰੋੜ ਰੁਪਏ ਦਾ ਕਰਜ਼ਾ ਚੁੱਕੇਗੀ। ‘ਅਰਬਨ ਐਨਵਾਇਰਨਮੈਂਟ ਇੰਮਪਰੂਵਮੈਂਟ ਪ੍ਰੋਗਰਾਮ ਫੇਜ਼-2’ ਤਹਿਤ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਣਾ ਹੈ ਜਿਸ ਵਾਸਤੇ ਬੈਂਕਾਂ ਤੋਂ ਕਰਜ਼ਾ ਲਿਆ ਜਾਣਾ ਹੈ। ਮੀਟਿੰਗ ਵਿਚ ਇਸ ਤਜਵੀਜ਼ ਨੂੰ ਵੀ ਪ੍ਰਵਾਨ ਕੀਤਾ ਗਿਆ ਹੈ।