ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਿਆਰੀ ਜ਼ੋਰਾਂ ’ਤੇ
ਬੀ.ਐੱਸ. ਚਾਨਾ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮਾਂ ਦੀਆਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਕਤੂਬਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਰੰਭ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ੋਮਣੀ ਕਮੇਟੀ ਦੀ ਸਬ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਇਤਿਹਾਸਕ ਨਗਰ ਕੀਰਤਨ, ਪੰਜ ਸੈਮੀਨਾਰ, ਲੇਜ਼ਰ ਸ਼ੋਅ, ਅੰਮ੍ਰਿਤ ਸੰਚਾਰ, ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਵਿੱਚ 35 ਹਜ਼ਾਰ ਪ੍ਰਾਣੀਆਂ ਵੱਲੋਂ ਸਹਿਜ ਪਾਠ, ਬੀਬੀਆਂ ਅਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਵਰਗੇ ਕਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।
ਮੁੱਖ ਸਮਾਗਮ 23, 24 ਅਤੇ 25 ਨਵੰਬਰ ਨੂੰ ਹੋਣਗੇ, ਜਦਕਿ 21 ਨੂੰ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਵੇਗੀ। ਐਡਵੋਕੇਟ ਧਾਮੀ ਨੇ ਜਾਣਕਾਰੀ ਦਿੱਤੀ ਕਿ ਪਹਿਲਾ ਨਗਰ ਕੀਰਤਨ ਗੁਰਦੁਆਰਾ ਧੋਬਤੀ ਸਾਹਿਬ ਤੋਂ ਸ਼ੁਰੂ ਹੋ ਚੁੱਕਾ ਹੈ ਜੋ ਦੇਸ਼ ਦੇ 26 ਰਾਜਾਂ ਵਿਚੋਂ ਹੁੰਦਾ ਹੋਇਆ ਅਕਤੂਬਰ ਦੇ ਆਖਰੀ ਹਫਤੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਦੂਜਾ ਨਗਰ ਕੀਰਤਨ ਮਟਨ ਤੋਂ ਅਤੇ ਤੀਜਾ ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਤੋਂ ਚਲਾਇਆ ਜਾਵੇਗਾ ਜੋ 29 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਪੰਜ ਵਿਸ਼ਾਲ ਸੈਮੀਨਾਰਾਂ ਵਿੱਚੋਂ ਮੁੱਖ ਸੈਮੀਨਾਰ ਦਿੱਲੀ ਵਿਖੇ ਹੋਵੇਗਾ ਜਿਸ ਵਿੱਚ ਅੰਤਰਰਾਸ਼ਟਰੀ ਵਿਦਵਾਨ ਅਤੇ ਰਾਜਨੀਤਕ ਆਗੂ ਹਿੱਸਾ ਲੈਣਗੇ। ਇੱਥੇ ਮੀਟਿੰਗ ਕਰਨ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਧਾਰਮਿਕ ਸਮਾਗਮਾਂ ਵਿੱਚ ਦਖਲ ਦੇਣ ਦੀ ਬਜਾਏ ਬੁਨਿਆਦੀ ਸਹੂਲਤਾਂ
ਮੁਹੱਈਆ ਕਰਾਏ।
ਇਸ ਮੌਕੇ ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਤੇਜਿੰਦਰ ਸਿੰਘ ਮਿੱਡੂਖੇੜਾ, ਰਘੂਜੀਤ ਸਿੰਘ ਵਿਰਕ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ ਸਣੇ ਹੋਰ ਮੈਂਬਰ ਹਾਜ਼ਰ ਸਨ।