ਦਵਿੰਦਰ ਪਾਲ
ਚੰਡੀਗੜ੍ਹ, 25 ਸਤੰਬਰ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦੀ ਲੜੀ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 27 ਸਤੰਬਰ ਦੇ ਭਾਰਤ ਬੰਦ ਦੀ ਕਾਮਯਾਬੀ ਲਈ ਲਾਮਬੰਦੀ ਜਾਰੀ ਹੈੈ। ਪੰਜਾਬ ਭਰ ਵਿੱਚ ਕਰੀਬ ਸਵਾ ਸੌ ਥਾਵਾਂ ’ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਸੜਕਾਂ ਤੇ ਰੇਲਾਂ ਜਾਮ ਕੀਤੇ ਜਾਣ ਵਾਲੀਆਂ ਥਾਵਾਂ ਨਿਰਧਾਰਿਤ ਕਰਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ੇਸ਼ ਨਾਅਰੇ ਜਾਰੀ ਕੀਤੇ ਹਨ, ਜਿਨ੍ਹਾਂ ਬਾਰੇ ਸ਼ਹਿਰਾਂ ਅਤੇ ਪਿੰਡਾਂ ’ਚ ਜਨਤਕ ਜਥੇਬੰਦੀਆਂ ਦੀਆਂ ਮੀਟਿੰਗਾਂ ਕਰ ਕੇ ਜਾਣੂੁ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਮੋਟਰਸਾਈਕਲਾਂ, ਕਾਰਾਂ, ਜੀਪਾਂ ਅਤੇ ਟਰੈਕਟਰਾਂ ’ਤੇ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਗੰਨੇ ਦੀ ਐਲਾਨੀ ਕੀਮਤ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੀ ਨਿਖੇਧੀ
ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਐਲਾਨੀ ਕੀਮਤ ਦਾ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਜਲੰਧਰ ਜ਼ਿਲ੍ਹੇ ਵਿੱਚ ਲਗਾਤਾਰ ਪੰਜ ਦਿਨ ਲਾਏ ਧਰਨੇ ਦੇ ਦਬਾਅ ਹੇਠ ਪੰਜਾਬ ਸਰਕਾਰ ਨੂੰ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਦਾ ਐਲਾਨ ਕਰਨਾ ਪਿਆ ਸੀ ਪਰ ਇਸ ਸਬੰਧੀ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਨਾ ਹੋਣ ’ਤੇ ਮੁੜ ਸੰਘਰਸ਼ ਵਿੱਢਿਆ ਜਾਵੇਗਾ।