ਜੋਗਿੰਦਰ ਸਿੰਘ ਮਾਨ
ਮਾਨਸਾ, 19 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਲਾਮਬੰਦੀ ਲਈ ਮਾਲਵਾ ਖੇਤਰ ਦੇ ਪਿੰਡਾਂ ਵਿੱਚ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਹ ਮੋਰਚਾ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ, ਬਿਜਲੀ ਸੋਧ ਬਿੱਲ-2022 ਤੇ ਕਿਸਾਨਾਂ ’ਤੇ ਪਾਏ ਝੂਠੇ ਪਰਚੇ ਰੱਦ ਕਰਵਾਉਣ ਲਈ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜਥੇਬੰਦੀਆਂ ਵੱਲੋਂ ਪਿੰਡਾਂ ’ਚ ਲਖੀਮਪੁਰ ਖੀਰੀ ਦੇ ਤਿੰਨ ਰੋਜ਼ਾ ਧਰਨੇ ਲਈ ਲਾਮਬੰਦੀ ਕੀਤੀ ਜਾ ਰਹੀ ਸੀ। ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਅੱਜ ਇਸ ਮਸਲੇ ਬਾਰੇ ਮਾਨਸਾ ਨੇੜਲੇ ਪਿੰਡ ਚੁਕੇਰੀਆਂ ਸਮੇਤ ਹੋਰ ਥਾਵਾਂ ’ਤੇ ਨੁੱਕੜ ਰੈਲੀਆਂ ਕੀਤੀਆਂ ਗਈਆਂ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿੱਲ ਕਾਰਪੋਰੇਟ ਪੱਖੀ ਹੋਣ ਕਾਰਨ ਮੋਦੀ ਸਰਕਾਰ ਇਸ ਨੂੰ ਇੱਕ ਸਾਜ਼ਿਸ਼ ਤਹਿਤ ਲਿਆ ਰਹੀ ਹੈ, ਜਿਸ ਨਾਲ ਸੂਬਾ ਸਰਕਾਰਾਂ ਦੇ ਹੱਕ ਖੋਹੇ ਜਾ ਰਹੇ ਹਨ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਸਾਨੀ ਦੇ ਮੌਜੂਦਾ ਹਾਲਾਤ ਬਾਰੇ ਸਰਕਾਰਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਆਪਣੇ ਹੱਕ ਹਾਸਲ ਕਰਨ ਲਈ ਹੁਣ ਕਾਫ਼ਲਿਆਂ ਦੇ ਰੂਪ ਵਿੱਚ ਹਕੂਮਤਾਂ ਖ਼ਿਲਾਫ਼ ਲੜਾਈ ਲੜਨ ਲਈ ਮੈਦਾਨ ਵਿੱਚ ਉਤਰਨਾ ਪੈਣਾ ਹੈ। ਇਸ ਮੌਕੇ ਜਗਦੇਵ ਸਿੰਘ ਭੈਣੀਬਾਘਾ, ਜਗਦੇਵ ਸਿੰਘ ਕੋਟਲੀ ਕਲਾਂ, ਰੂਪ ਸਿੰਘ ਖਿਆਲਾ, ਬਲਜੀਤ ਸਿੰਘ ਭੈਣੀਬਾਘਾ, ਲਾਭ ਸਿੰਘ ਬੁਰਜ ਹਰੀਕੇ, ਗੁਰਮੇਲ ਸਿੰਘ, ਚੇਤ ਸਿੰਘ, ਬਲਵਿੰਦਰ ਸਿੰਘ ਤੇ ਲਾਭਾ ਸਿੰਘ ਨੇ ਵੀ ਸੰਬੋਧਨ ਕੀਤਾ।