ਹਲਵਾਰਾ ਹਵਾਈ ਅੱਡਾ ਏਅਰਪੋਰਟ ਅਥਾਰਿਟੀ ਹਵਾਲੇ ਕਰਨ ਦੀ ਤਿਆਰੀ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮਗਰੋਂ ਉਨ੍ਹਾਂ ਮੁੜ ਦਾਅਵਾ ਕੀਤਾ ਕਿ ਹਵਾਈ ਅੱਡੇ ਦੇ ਨਿਰਮਾਣ ਨਾਲ ਸਬੰਧਤ ਸਾਰੇ ਕੰਮ ਪੂਰੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਪ੍ਰਬੰਧ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਹਵਾਲੇ ਕਰਨ ਲਈ ਰਸਮੀ ਕਾਰਵਾਈ ਪੂਰੀ ਕਰਨ ਲਈ ਜਲਦ ਹੀ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਭੇਜੀ ਜਾਵੇਗੀ। ਡਿਪਟੀ ਕਮਿਸ਼ਨਰ ਜੈਨ ਵੱਲੋਂ ਨਿਰੀਖਣ ਸਮੇਂ ਲੋਕ ਨਿਰਮਾਣ ਵਿਭਾਗ, ਜਨ ਸਿਹਤ, ਪੰਜਾਬ ਰਾਜ ਪਾਵਰਕਾਮ, ਏਅਰਪੋਰਟ ਅਥਾਰਿਟੀ ਆਫ਼ ਇੰਡੀਆ, ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ, ਡਰੇਨੇਜ਼ ਵਿਭਾਗਾਂ ਦੇ ਅਧਿਕਾਰੀ ਅਤੇ ਨਿਰਮਾਣ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਟਰਮੀਨਲ ਇਮਾਰਤ, ਏਅਰਫੋਰਸ ਸਟੇਸ਼ਨ ਦੇ ਅੰਦਰ ਟੈਕਸੀ ਵੇਅ, ਟਰਾਲੀ ਗੇਟ, ਐਪਰਨ ਸੰਚਾਲਨ ਖੇਤਰ, ਪਾਰਕਿੰਗ ਸਹੂਲਤਾਂ ਅਤੇ ਹੋਰ ਮੁੱਖ ਖੇਤਰਾਂ ਸਮੇਤ ਮਹੱਤਵਪੂਰਨ ਬੁਨਿਆਦੀ ਢਾਂਚੇ ਦਾ ਬਰੀਕੀ ਨਾਲ ਨਿਰੀਖਣ ਕੀਤਾ। ਵਿਭਾਗੀ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਕੰਮ ਮੁਕੰਮਲ ਹੋਣ ਬਾਰੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਹਵਾਈ ਅੱਡੇ ਦੇ ਸੰਚਾਲਨ ਲਈ ਸਾਰੇ ਜ਼ਰੂਰੀ ਕਾਰਜ ਪੂਰੇ ਹੋਣ ਦੀ ਰਿਪੋਰਟ ਉਪਰ ਡਿਪਟੀ ਕਮਿਸ਼ਨਰ ਜੈਨ ਨੇ ਤਸੱਲੀ ਪ੍ਰਗਟ ਕੀਤੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਹਵਾਈ ਅੱਡੇ ਦੇ ਤੇਜ਼ੀ ਨਾਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਸਬੰਧਿਤ ਏਜੰਸੀਆਂ ਨਾਲ ਲਗਾਤਾਰ ਸੰਪਰਕ ਰੱਖ ਰਿਹਾ ਹੈ।