ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜਨਵਰੀ
ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖ਼ਰੀਦਣ ਅਤੇ 31 ਮਾਰਚ 2021 ਤਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਸਮੇਤ ਕੁਝ ਵੱਡੇ ਫ਼ੈਸਲੇ ਲਾਗੂ ਕਰਨ ਸਬੰਧੀ ਹਦਾਇਤ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਅਵਾਰਾ ਪਸ਼ੂਆਂ ਨਾਲ 502 ਸੜਕ ਹਾਦਸੇ ਵਾਪਰੇ, ਜਿਨ੍ਹਾਂ ਵਿੱਚ 370 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ। ਪੰਜਾਬ ਦੇ ਕੌਮੀ ਰਾਜ ਮਾਰਗਾਂ ਉੱਤੇ 391 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ।