‘ਅਕਾਲ ਤਖ਼ਤ ਵੱਲੋਂ ਜਾਰੀ ਹੁਕਮਨਾਮਾ ਰੱਦ ਕਰਵਾਉਣ ਲਈ ਪਾਇਆ ਜਾ ਰਿਹੈ ਦਬਾਅ’
ਇੱਥੇ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ’ਚ ਅਕਾਲ ਕਾਲਜ ’ਚ ਅਕਾਲੀ ਦਲ ਦੀ ਸੁਰਜੀਤੀ ਦੇ ਵਿਧੀ ਵਿਧਾਨ ਤੇ ਨੀਤੀ ਸਬੰਧੀ ਕਰਵਾਈ ਵਿਚਾਰ ਗੋਸ਼ਟੀ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਸੁਰਜੀਤੀ ਲਈ ਜਾਰੀ ਕੀਤੇ ਹੁਕਮਨਾਮੇ ਲਈ ਜੱਦੋ-ਜਹਿਦ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਰਾਹੀਂ ਅਕਾਲ ਤਖ਼ਤ ਸਾਹਿਬ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਦੋ ਦਸੰਬਰ 2024 ਨੂੰ ਜਾਰੀ ਕੀਤਾ ਗਿਆ ਹੁਕਮਨਾਮਾ ਰੱਦ ਕੀਤਾ ਜਾਵੇ, 11 ਤਰੀਕ ਨੂੰ ਹੋਣ ਵਾਲੇ ਇਜਲਾਸ ’ਤੇ ਪਾਬੰਦੀ ਲਾਈ ਜਾਵੇ, ਪੰਜ ਮੈਂਬਰੀ ਭਰਤੀ ਕਮੇਟੀ ’ਤੇ ਰੋਕ ਲਾਈ ਜਾਵੇ। ਇਸ ਤੋਂ ਇਲਾਵਾ 15 ਲੱਖ ਮੈਂਬਰਸ਼ਿਪ ਪਰਚੀਆਂ, ਜਿਨ੍ਹਾਂ ’ਚ ਪੰਜਾਬੀਆਂ ਖਾਸ ਕਰ ਕੇ ਸਿੱਖਾਂ ਨੇ ਅਹਿਮ ਰੋਲ ਅਦਾ ਕੀਤਾ ਹੈ, ਉਸ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ, ‘‘ਮੈਂ ਦੁਨੀਆਂ ਭਰ ਦੇ ਸਿੱਖਾਂ ਨੂੰ ਅਪੀਲ ਕਰਨੀ ਚਾਹੁੰਦਾ ਹਾਂ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੱਦੋ-ਜਹਿਦ ਹੋ ਰਹੀ ਹੈ, ਉਸ ਨੂੰ ਤਾਰਪੀਡੋ ਕਰਨ ਦੇ ਯਤਨ ਕਾਮਯਾਬ ਨਾ ਹੋਣ ਦਿੱਤੇ ਜਾਣ।’’ ਉਨ੍ਹਾਂ ਸੰਗਤ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ।
ਸਰਨਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੀ ਨਿਖੇਧੀ
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ’ਤੇ ਟਿੱਪਣੀ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ, ‘‘ਦੋ ਦਸੰਬਰ 2024 ਨੂੰ ਅਕਾਲ ਤਖਤ ਵੱਲੋਂ ਜਾਰੀ ਹੋਏ ਹੁਕਮਨਾਮੇ ਨੂੰ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਝੂਠ ਬੋਲਣ ਦੀ ਆਦਤ ਹੈ। ਝੂਠ ਬੋਲਣ ਤੋਂ ਬਿਨਾਂ ਇਨ੍ਹਾਂ ਕੋਲ ਹੋਰ ਕੁਝ ਨਹੀਂ ਹੈ। ਜੇ ਉਹ ਸੱਚੇ ਹਨ ਤਾਂ ਉਹ ਅਕਾਲ ਤਖਤ ਸਾਹਿਬ ’ਤੇ ਆ ਜਾਣ, ਉਧਰੋਂ ਮੈਂ ਆ ਜਾਨਾ ਹਾਂ।’’